ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣ ਦੀ ਲੋੜ ਹੈ | ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ ਦੇ ਮਾਤਾ ਬਲਵੰਤ ਕੌਰ ਦਾ ਹਾਲਚਾਲ ਜਾਨਣ ਆਏ ਸਨ | ਉਨ੍ਹਾਂ ਕਿਹਾ ਕਿ ਨਸ਼ਿਆਂ ਸਮੇਤ ਹੋਰ ਬੁਰਾਈਆਂ ਸਮਾਜ ਨੂੰ ਖੋਖਲ੍ਹਾ ਕਰ ਰਹੀਆਂ ਹਨ | ਬੁਰਾਈਆਂ ਦਾ ਖ਼ਾਤਮਾ ਲੋਕ ਲਹਿਰ ਨਾਲ ਹੀ ਹੋ ਸਕਦਾ ਹੈ ਤੇ ਨੌਜਵਾਨ ਪੀੜ੍ਹੀ ਇਸ ਲਈ ਵੱਡੀ ਸਹਾਇਕ ਬਣ ਸਕਦੀ ਹੈ | ਉਨ੍ਹਾਂ ਪੰਜਾਬ ਵਿਚ ਅਮਨ ਕਾਨੂੰਨ ਦੀ ਮਾੜੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਏ ਦਿਨ ਕਤਲ, ਲੁੱਟ-ਖੋਹਾਂ ਤੇ ਚੋਰੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪਰ ਸੂਬਾ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰੇ ਨਹੀਂ ਕੀਤੇ ਅਤੇ ਔਰਤਾਂ ਨਾਲ ਪ੍ਰਤੀ ਮਹੀਨਾ ਇਕ ਹਜ਼ਾਰ ਦੇਣ ਦਾ ਵਾਅਦਾ ਵੀ ਐਲਾਨ ਤੱਕ ਸੀਮਤ ਰਹਿ ਗਿਆ ਹੈ | ਉਨ੍ਹਾਂ ਮਾਤਾ ਬਲਵੰਤ ਕੌਰ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਇਸ ਮੌਕੇ ਜਸਵਿੰਦਰ ਸਿੰਘ ਮਿੰਟੂ ਕੰਗ, ਹਰਵਿੰਦਰ ਕੌਰ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ |