ਚੰਡੀਗੜ੍ਹ, 16 ਜੂਨ (ਵਿਕਰਮਜੀਤ ਸਿੰਘ ਮਾਨ)-ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਤਿੰਨ ਪ੍ਰਮੁੱਖ ਆਗੂ ਅੱਜ ਆਪਣੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਨੇ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਭੂਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਬਰ ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਕੇ.ਪੀ. ਸਿੰਘ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਹੋਰ ਪਾਰਟੀਆਂ ਦੇ ਵੱਡੇ ਆਗੂ ਕਾਂਗਰਸ 'ਚ ਸ਼ਾਮਿਲ ਹੁੰਦੇ ਦਿਖਾਈ ਦੇਣਗੇ, ਕਿਉਂਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕੰਧ ਉੱਤੇ ਲਿਖਿਆ ਦੇਖਿਆ ਜਾ ਸਕਦਾ ਹੈ ਕਿ ਪੰਜਾਬ ਵਿਚ ਕਾਂਗਰਸ ਸੱਤਾ ਅੰਦਰ ਵਾਪਸੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕਾਂਗਰਸ ਦੀ ਸੱਤਾ ਵਿਚ ਵਾਪਸੀ ਦਾ ਮਾਹੌਲ ਬਣਿਆ ਹੋਇਆ ਹੈ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਜੋ ਮਾਹੌਲ ਬਣਿਆ ਹੋਇਆ ਹੈ, ਉਸ ਨਾਲ ਤੈਅ ਹੈ ਕਿ ਕਾਂਗਰਸ ਪੰਜਾਬ 'ਚ ਅਗਲੀ ਸਰਕਾਰ ਬਣਾਉਣ ਜਾ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਜਿਨ੍ਹਾਂ ਨੂੰ ਜਲਦੀ ਹੀ ਪਾਰਟੀ ਵਿਚ ਸ਼ਾਮਿਲ ਕੀਤਾ ਜਾਵੇਗਾ | ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਜਨਤਕ ਤੌਰ 'ਤੇ ਵੱਡਾ ਆਧਾਰ ਹੈ ਅਤੇ ਇਨ੍ਹਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ |
ਸਰਬਜੋਤ ਸਿੰਘ ਸਾਬੀ, ਰਜਿੰਦਰ ਦੀਪਾ ਤੇ ਅਨਿਲ ਠਾਕੁਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ <br/>
ਅਜੀਤ ਡੈਸਕ
17-06-2025