ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦਾ 419ਵਾਂ ਸਿਰਜਣਾ ਦਿਵਸ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪੰ੍ਰਤ ਭਾਈ ਭੁਪਿੰਦਰ ਸਿੰਘ ਦੇ ਹਜ਼ੁੂਰੀ ਰਾਗੀ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਣ ਕੀਤਾ | ਅਰਦਾਸ ਤੇ ਹੁਕਮਨਾਮੇ ਉਪ੍ਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲ ਪੁਰਖ ਦਾ ਤਖ਼ਤ ਹੈ, ਜਿਸ ਨੂੰ ਛੇਵੇਂ ਪਾਤਿਸ਼ਾਹ ਨੇ ਆਪ ਸਿਰਜਿਆ | ਉਨ੍ਹਾਂ ਕਿਹਾ 18ਵੀਂ ਸਦੀ ਵਿਚ ਜਦੋਂ ਹਕੂਮਤਾਂ ਨੇ ਸਿੱਖਾਂ ਦਾ ਖੁਰਾ ਖੋਜ ਮਿਟਾਉਣ ਦਾ ਐਲਾਨ ਕੀਤਾ ਤਾਂ ਕੌਮ ਨੇ ਸ੍ਰੀ ਅਕਾਲ ਤਖਤ ਤੋਂ ਅਗਵਾਈ ਲੈਂਦਿਆਂ ਅਬਦਾਲੀ ਨੂੰ ਗਜ਼ਨੀ ਤੱਕ ਭਜਾਇਆ | ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ | ਉਨ੍ਹਾਂ ਕਿਹਾ ਕਿ ਅੱਜ ਸਾਡੀ ਜਵਾਨੀ ਨੂੰ ਗੁਰੂ ਨਾਲੋਂ ਤੋੜਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ, ਜਿਸ ਦਾ ਮੁਕਾਬਲਾ ਸੁਚੇਤ ਤੇ ਚੇਤੰਨ ਰੂਪ ਵਿਚ ਕੀਤਾ ਜਾਵੇ | ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਖ਼ੁਆਰੀਆਂ 'ਚੋਂ ਨਿਕਲਣ ਲਈ ਗੁਰੂ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਦੀ ਛਤਰ ਛਾਇਆ ਹੇਠ ਇਕੱਤਰ ਹੋਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਤੇ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਤੇ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਤੇ ਸਕੱਤਰੇਤ ਅਕਾਲ ਤਖਤ ਦੇ ਇੰਚਾਰਜ ਬਗੀਚਾ ਸਿੰਘ ਸਮੇਤ ਹੋਰ ਸੰਗਤਾਂ ਮੌਜੂਦ ਸਨ |
ਸ਼ੋ੍ਰਮਣੀ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦਾ 419ਵਾਂ ਸਿਰਜਣਾ ਦਿਵਸ ਉਤਸ਼ਾਹ ਨਾਲ ਮਨਾਇਆ <br/>
ਅਜੀਤ ਡੈਸਕ
17-06-2025