ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵਲੋਂ ਪੰਜਾਬ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ | ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ 'ਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਆਗੂਆਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ | ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ | ਮੀਟਿੰਗ ਦੌਰਾਨ ਐਡੀਸ਼ਨਲ ਸੀ.ਈ.ਓ. ਹਰੀਸ਼ ਨਈਅਰ, ਜੁਆਇੰਟ ਸੀ.ਈ.ਓ. ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀ.ਈ.ਓ. ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ |
ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ 'ਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ 'ਤੇ ਕੁੱਲ 194 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚ 10 ਮਾਡਲ ਪੋਲਿੰਗ ਬੂਥ, ਇਕ ਅÏਰਤਾਂ ਵਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ, ਇਕ ਵਾਤਾਵਰਨ ਅਨੁਕੂਲ 'ਹਰਾ' ਪੋਲਿੰਗ ਬੂਥ ਅਤੇ ਇਕ ਪੀ.ਡਬਲਯੂ.ਡੀ. ਸਟਾਫ ਵਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ ਸ਼ਾਮਿਲ ਹੈ | ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ |
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਡੀ. ਸੀ. ਤੇ ਸੀ.ਪੀ. ਨੂੰ ਨਿਰਦੇਸ਼ ਜਾਰੀ <br/>
ਅਜੀਤ ਡੈਸਕ
17-06-2025