ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਆ ਰਹੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ (ਲਾਹੌਰ) ਸਮੂਹ ਸਥਿਤ ਸ਼ੇਰ-ਏ-ਪੰਜਾਬ ਦੀ ਸਮਾਧ ਵਿਖੇ ਹੋਣ ਵਾਲੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ | ਉਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਅਟਾਰੀ-ਵਾਹਗਾ ਸਰਹੱਦ ਰਸਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਣਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵਲੋਂ ਯਾਤਰਾ ਸੰਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫ਼ੈਸਲਾ ਲਿਆ ਹੈ |
ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ ਪਾਕਿ ਨਹੀਂ ਭੇਜਿਆ ਜਾਵੇਗਾ ਜਥਾ-ਸਕੱਤਰ
ਅਜੀਤ ਡੈਸਕ
17-06-2025