ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡ ਧੂਤ ਕਲਾਂ ਦੇ ਵਾਸੀ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਦੇ ਡੀ.ਐਸ.ਪੀ. ਮੁਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਗਿ੍ਫ਼ਤਾਰੀ ਜਲੰਧਰ ਰੇਂਜ ਵਲੋਂ ਜਾਂਚ ਉਪਰੰਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਧੂਤ 'ਤੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂਅ 'ਤੇ ਜਾਇਜ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ | ਜਾਂਚ ਦੌਰਾਨ ਪਾਇਆ ਗਿਆ ਕਿ ਵਰਿੰਦਰ ਸਿੰਘ ਧੂਤ ਦੀ ਸਾਰੇ ਸਰੋਤਾਂ ਤੇ ਹੋਰ ਸਾਧਨਾਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ, ਜਦਕਿ ਉਨ੍ਹਾਂ ਦਾ ਕੁੱਲ ਖ਼ਰਚ ਤੇ ਜਾਇਦਾਦ 11,18,34,544.22 ਰੁਪਏ ਸੀ, ਜੋ ਕਿ ਜਾਇਜ਼ ਆਮਦਨ ਤੋਂ 7,59,37,432.63 ਰੁਪਏ ਜ਼ਿਆਦਾ ਹੈ | ਉਨ੍ਹਾਂ ਦੱਸਿਆ ਕਿ ਧੂਤ ਨੇ ਆਪਣੀ ਆਮਦਨ ਤੋਂ ਵਧੇਰੇ ਜਾਇਦਾਦ ਬਣਾਈ ਤੇ ਪੈਸਾ ਇਕੱਠਾ ਕੀਤਾ, ਜੋ ਭਿ੍ਸ਼ਟਾਚਾਰ ਵਿਰੋਧੀ ਕਾਨੂੰਨ ਦੀ ਉਲੰਘਣਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜਲੰਧਰ ਰੇਂਜ ਦੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਹੈ ਅਤੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |