ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ) ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਦੇ 108ਵੇਂ ਦਿਨ ਪੰਜਾਬ ਪੁਲਿਸ ਨੇ 128 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਨਾਲ ਸਿਰਫ਼ 108 ਦਿਨਾਂ ਅੰਦਰ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17 ਹਜ਼ਾਰ 897 ਹੋ ਗਈ ਹੈ | ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਜ਼ਿਲਿ੍ਹਆਂ ਵਿਚ ਇੱਕੋ ਸਮੇਂ ਚਲਾਇਆ ਗਿਆ | ਪੰਜਾਬ ਦੇ ਸਪੈਸ਼ਲ ਡੀ.ਜੀ.ਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ 499 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚੱਲਦਿਆਂ 81 ਐਫ਼.ਆਈ.ਆਰਜ਼ ਦਰਜ਼ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 557 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ | ਸਪੈਸ਼ਲ ਡੀ.ਜੀ.ਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 69 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |