ਅੰਮਿ੍ਤਸਰ, 18 ਜੂਨ (ਜਸਵੰਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਕਰੋੜਾਂ ਦੀ ਜਾਇਦਾਦ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਥਿਤ ਤੌਰ 'ਤੇ ਘੱਟ ਕੀਮਤ 'ਤੇ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੇ ਜਾਣ ਦਾ ਗੰਭੀਰ ਦੋਸ਼ ਲਾਇਆ ਹੈ | ਦੂਜੇ ਪਾਸੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਾਬਕਾ ਜਥੇਦਾਰ ਵਲੋਂ ਲਾਏ ਦੋਸ਼ਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਤਰਨ ਤਾਰਨ ਸਾਹਿਬ ਦੇ ਗੁਰੂ ਘਰ ਦੇ ਨਾਲ ਲੱਗਦੀ ਜੋ ਕਰੋੜਾਂ ਦੀ ਜਾਇਦਾਦ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀ ਜਾ ਰਹੀ ਹੈ | ਇਸੇ ਦੌਰਾਨ ਇਲਜ਼ਾਮਾਂ ਦਾ ਖੰਡਨ ਕਰਦਿਆਂ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਗੁਰਨਾਮ ਸਿੰਘ ਨੇ ਕਿਹਾ ਕਿ ਇਹ ਉਹ ਜਗ੍ਹਾ ਹੈ ਜੋ ਗੁਰਦੁਆਰਾ ਸਾਹਿਬ ਦੀ ਵਰਤੋਂ ਵਿਚ ਨਾ ਆ ਰਹੀ ਹੋਣ ਕਰਕੇ ਅਤੇ ਲੋਕਾਂ ਵਲੋਂ ਕਬਜ਼ੇ ਕਰਨ ਦੀਆਂ ਹਰਕਤਾਂ ਕਾਰਨ ਇਸ ਨੂੰ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਨੇ ਵੇਚਣ ਦਾ ਫ਼ੈਸਲਾ ਕੀਤਾ ਸੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬਕਾਇਦਾ ਇਸ਼ਤਿਹਾਰ ਲਗਾ ਕੇ ਖੁੱਲ੍ਹੀ ਬੋਲੀ ਰਾਹੀਂ ਇਹ ਜਗ੍ਹਾ ਵੇਚੀ ਹੈ |