ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਫ਼ਰੀਦਕੋਟ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਨਸ਼ਾ ਮੁਕਤੀ ਕੇਂਦਰ ਵਿਚ ਇਲਾਜ ਲਈ ਦਾਖਲ ਨਸ਼ਾ ਪੀੜਤ ਵਿਅਕਤੀ ਕੇਂਦਰ ਦੇ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ ਸਨ, ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੁਝ ਘੰਟਿਆਂ ਵਿਚ ਹੀ 9 ਨਸ਼ਾ ਪੀੜਤ ਵਿਅਕਤੀਆਂ ਨੂੰ ਲੱਭ ਕੇ ਮੁੜ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਲਈ ਦਾਖਲ ਕਰਵਾ ਦਿੱਤਾ ਹੈ | ਜਾਣਕਾਰੀ ਮੁਤਾਬਿਕ ਨਸ਼ਾ ਛੁਡਾਊ ਕੇਂਦਰ ਵਿਚ ਉਨ੍ਹਾਂ 6 ਵਿਅਕਤੀਆਂ ਨੂੰ ਵੀ ਲੱਭ ਕੇ ਇਲਾਜ ਲਈ ਮੁੜ ਦਾਖ਼ਲ ਕਰਵਾਇਆ ਗਿਆ ਹੈ, ਜਿਹੜੇ ਕਿ ਨਸ਼ੇ ਦੇ ਆਦਿ ਹੋਣ ਕਾਰਨ ਐਨ. ਡੀ. ਪੀ. ਐਸ. ਐਕਟ ਦੀ ਧਾਰਾ 27/61/85 ਅਧੀਨ ਮੁਕੱਦਮਿਆਂ ਵਿਚ ਗਿ੍ਫ਼ਤਾਰ ਸਨ ਅਤੇ ਜਿਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਇਲਾਜ ਲਈ ਨਸ਼ਾ ਮੁਕਤੀ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਸੀ | ਦੱਸਣਯੋਗ ਹੈ ਕਿ ਭੱਜਣ ਵਾਲਿਆਂ ਵਿਚ 6 ਵਿਅਕਤੀ ਆਪਣੀ ਮਰਜ਼ੀ ਨਾਲ ਨਸ਼ਾ ਛੱਡਣ ਦੀ ਇੱਛਾ ਰੱਖਦੇ ਹੋਏ ਇਲਾਜ ਲਈ ਦਾਖ਼ਲ ਹੋਏ ਸਨ | ਪੁਲਿਸ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਪ੍ਰਸ਼ਾਸਨ ਨਾਲ ਮਿਲ ਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਲਿਆ ਹੈ |
ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨਸ਼ਾ ਪੀੜਤਾਂ ਨੂੰ ਮੁੜ ਕਰਵਾਇਆ ਦਾਖ਼ਲ <br/>
ਅਜੀਤ ਡੈਸਕ
23-06-2025