ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦਾ ਮਾਮਲਾ
<br/>
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ) ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫ਼ੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ | ਸੂਬੇ ਨੂੰ ਵਿਕਸਤ ਕਰਨ ਵਿਚ ਵਿਕਾਸ ਅਥਾਰਟੀਆਂ ਸੰਬੰਧੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ | ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈਆਂ ਤਬਦੀਲੀਆਂ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ ਵਾਚਣ ਉਪਰੰਤ ਇਸ ਦੇ ਸਿੱਟਿਆਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ, ਜਿਸ ਤੋਂ ਬਾਅਦ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ. ਆਰ. ਟੀ. ਪੀ. ਡੀ.) ਐਕਟ ਦੀ ਧਾਰਾ 29(3) ਵਿਚ ਸੋਧ ਸੰਬੰਧੀ ਫ਼ੈਸਲਾ ਲਿਆ ਗਿਆ ਹੈ | ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਕਾਸ ਅਥਾਰਟੀਆਂ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿਚ ਮਾਲ, ਉਦਯੋਗ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਅੰਤਰ-ਵਿਭਾਗੀ ਤਾਲਮੇਲ ਨੂੰ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮਾਮਲੇ ਸਬੰਧੀ ਮਨਘੜਤ ਬਿਆਨਬਾਜ਼ੀ ਕਰ ਰਹੀਆਂ ਹਨ |