ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੀ ਕੀਤੀ ਮੰਗ
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਬਹੁਜਨ ਸਮਾਜ ਪਾਰਟੀ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ | ਕਰੀਮਪੁਰੀ ਨੇ ਦੱਸਿਆ ਕਿ ਇਸ ਵਫ਼ਦ ਵਿਚ ਬਸਪਾ ਸੂਬਾ ਕੁਆਰਡੀਨੇਟਰ ਤੇ ਵਿਧਾਇਕ ਨਵਾਂਸ਼ਹਿਰ ਡਾ. ਨਛੱਤਰ ਪਾਲ, ਸੂਬਾ ਕੋਆਰਡੀਨੇਟਰ ਪਰਜਾਪਤ ਅਜੀਤ ਸਿੰਘ ਭੈਣੀ, ਸੂਬਾ ਕੁਆਰਡੀਨੇਟਰ ਤੀਰਥ ਸਿੰਘ ਮਹਿਰਾ, ਰਾਜਪੁਰਾ ਸੂਬਾ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਸ਼ਾਮਿਲ ਸਨ | ਇਸ ਮੌਕੇ ਬਸਪਾ ਆਗੂਆਂ ਨੇ ਰਾਜਪਾਲ ਤੋਂ ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਵਿਚ ਨਿਰਪੱਖ ਉਚ ਪੱਧਰੀ ਜਾਂਚ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਰਾਜਪਾਲ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਅਨੁਸੂਚਿਤ ਜਾਤੀਆਂ 'ਤੇ ਅੱਤਿਆਚਾਰ ਦੇ ਮਾਮਲੇ ਸਿਰਫ਼ ਹਰਿਆਣਾ ਵਿਚ ਹੀ ਨਹੀਂ ਬਲਕਿ ਪੰਜਾਬ ਦੇ ਵਿਚ ਵਾਪਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 'ਆਪ' ਦੀ ਸਰਕਾਰ ਵਿਚ ਸੱਤਾਧਾਰੀ ਧਿਰ 'ਤੇ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੇ ਨਾਲ ਐਸ.ਸੀ. ਵਰਗ 'ਤੇ ਵੀ ਵੱਡੇ ਪੱਧਰ 'ਤੇ ਅੱਤਿਆਚਾਰ ਕੀਤੇ ਜਾ ਰਹੇ ਹਨ ਤੇ ਇਸ ਤਰ੍ਹਾਂ ਦੇ ਮਾਮਲੇ ਸੂਬੇ ਦੇ ਹਰ ਜ਼ਿਲੇ੍ਹ ਵਿਚ ਹੀ ਸਾਹਮਣੇ ਆ ਰਹੇ ਹਨ |
ਕਰੀਮਪੁਰੀ ਦੀ ਅਗਵਾਈ 'ਚ ਬਸਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਅਜੀਤ ਡੈਸਕ
17-10-2025