ਪੰਚਕੂਲਾ, 17 ਅਕਤੂਬਰ (ਕਪਿਲ)-ਐਮ. ਡੀ. ਸੀ. ਥਾਣਾ ਖੇਤਰ ਵਿਚ ਆਪਣੇ ਪਰਿਵਾਰ ਨਾਲ ਰਹਿੰਦੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਅਤੇ ਸਾਬਕਾ ਰਾਜ ਮੰਤਰੀ ਰਜ਼ੀਆ ਸੁਲਤਾਨਾ ਦੇ ਪੁੱਤਰ ਆਕਿਲ ਅਖ਼ਤਰ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਐਮ. ਡੀ. ਸੀ. ਵਿਚ ਸਥਿਤ ਆਪਣੇ ਨਿਵਾਸ ਸਥਾਨ ਦਵਾਈ ਦੀ ਓਵਰਡੋਜ਼ ਕਾਰਨ ਆਕਿਲ ਅਖ਼ਤਰ ਦੀ ਮੌਤ ਹੋ ਗਈ | ਪੰਚਕੂਲਾ ਦੇ ਸੈਕਟਰ-6 ਦੇ ਹਸਪਤਾਲ ਵਿਚ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਆਕਿਲ ਅਖ਼ਤਰ ਨੂੰ ਹਰਦਾ ਖੇੜੀ ਸਹਾਰਨਪੁਰ (ਉੱਤਰ ਪ੍ਰਦੇਸ਼) ਵਿਚ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ | ਇਸ ਮਾਮਲੇ ਵਿਚ ਮਾਤਾ ਮਨਸਾ ਦੇਵੀ ਥਾਣੇ ਦੇ ਜਾਂਚ ਅਧਿਕਾਰੀ ਯੁੱਧਵੀਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਵਿਸਰਾ ਰਿਪੋਰਟ ਜਾਂਚ ਲਈ ਭੇਜ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਮਾਤਾ ਮਨਸਾ ਦੇਵੀ ਸੈਕਟਰ-4 ਵਿਚ ਰਹਿੰਦਾ ਸੀ | ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਮਿਲੀ ਹੈ |