ਗੁਹਾਟੀ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਇਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ | ਇਸ ਉੱਚ ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ 'ਤੇ ਜ਼ੋਰ ਦਿੱਤਾ ਗਿਆ ਅਤੇ ਨੌਵੇਂ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ | ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ | ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸੰਬੰਧਿਤ ਹਨ, 'ਤੇ ਕਰਵਾਏ ਜਾਣੇ ਹਨ |