ਪੱਟੀ (ਤਰਨ ਤਾਰਨ), 22 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਹਲਕਾ ਪੱਟੀ ਦੇ ਪਿੰਡ ਧਗਾਣਾ ਵਿਖੇ ਪਟਾਕੇ ਅਤੇ ਉੱਚੀ ਆਵਾਜ਼ ਵਿਚ ਗਾਣੇ ਚਲਾਉਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਗੋਲੀ ਲੱਗਣ ਕਾਰਨ ਮੈਂਬਰ ਪੰਚਾਇਤ ਮਹਿਲਾ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਤ ਕਰੀਬ ਸਾਢੇ 9 ਵਜੇ ਸਾਬਕਾ ਕਾਂਗਰਸੀ ਸਰਪੰਚ ਵਲੋਂ ਗੁਆਂਢ ਵਿਚ ਰਹਿੰਦੀ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਚਾਇਤ ਮੈਂਬਰ ਮਨਦੀਪ ਕੌਰ ਪਤਨੀ ਜਤਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਐੱਸ.ਐੱਚ.ਓ. ਥਾਣਾ ਸਦਰ ਪੱਟੀ ਵਿਪਨ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਦੀਵਾਲੀ ਦੇ ਤਿਉਹਾਰ ਮੌਕੇ ਸਾਬਕਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਪੁੱਤਰ ਸਾਹਿਬ ਸਿੰਘ ਵਲੋਂ ਆਪਣੇ ਟਰੈਕਟਰ ਉੱਪਰ ਤੇਜ਼ ਆਵਾਜ਼ ਕਰਕੇ ਡੀ.ਜੇ. ਵਾਂਗ ਗਾਣੇ ਚਲਾਏ ਜਾ ਰਹੇ ਸਨ, ਜਿਸ ਦਾ ਨਜ਼ਦੀਕ ਰਹਿੰਦੇ ਜਤਿੰਦਰ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਵਿਰੋਧ ਕੀਤਾ ਗਿਆ | ਇਸ ਦੌਰਾਨ ਸੁਖਵਿੰਦਰ ਸਿੰਘ ਵਲੋਂ 12 ਬੋਰ ਦੀ ਬੰਦੂਕ ਨਾਲ ਜਤਿੰਦਰ ਸਿੰਘ ਅਤੇ ਉਸ ਦੇ ਰਿਸ਼ਤੇਦਾਰ ਜਗਰੂਪ ਸਿੰਘ 'ਤੇ ਗੋਲੀ ਚਲਾ ਦਿੱਤੀ, ਜੋ ਜਤਿੰਦਰ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਜਾ ਲੱਗੀ | ਮਨਦੀਪ ਕੌਰ ਨੂੰ ਤੁਰੰਤ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ਹੈ | ਐੱਸ.ਐੱਚ.ਓ. ਵਿਪਨ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਤਿੰਨ ਔਰਤਾਂ ਅਤੇ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਗਿ੍ਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |