ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਸੂਬੇ 'ਚ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਰਗਰਮ ਯਤਨਾਂ ਦੇ ਸਾਕਾਰਾਤਮਕ ਨਤੀਜੇ ਵਜੋਂ ਰਾਜ ਵਿਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਖੇਤਾਂ ਵਿਚ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਲਗਭਗ ਚਾਰ ਗੁਣਾ ਕਮੀ ਦਰਜ ਕੀਤੀ ਗਈ ਹੈ | ਅਧਿਕਾਰਤ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 21 ਅਕਤੂਬਰ ਤੱਕ ਦੇ ਪੰਜਾਬ ਵਿਚ ਸਾਲ 2025 ਦੌਰਾਨ ਖੇਤਾਂ ਵਿਚ ਪਰਾਲੀ ਸਾੜਨ ਦੇ ਸਿਰਫ਼ 415 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਸਾਲ 2024 ਅਤੇ 2023 ਵਿਚ ਕ੍ਰਮਵਾਰ ਅਜਿਹੇ 1,510 ਅਤੇ 1,764 ਮਾਮਲੇ ਸਾਹਮਣੇ ਆਏ ਸਨ, ਜੋ ਕਿ ਇਸ ਤਰ੍ਹਾਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਹੈਰਾਨੀਜਨਕ ਕਮੀ ਨੂੰ ਦਰਸਾਉਂਦੇ ਹਨ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਸੰਬੰਧੀ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਤੱਕ ਲਿਆਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ | ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਹੁਣ ਤੱਕ ਰਾਜ ਵਿਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਐਸ.ਆਰ.ਸੀ.) ਵਲੋਂ 415 ਖੇਤਾਂ ਵਿਚ ਅੱਗ ਲੱਗਣ ਦਾ ਪਤਾ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 172 ਮਾਮਲਿਆਂ ਵਿਚ ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 189 ਮਾਮਲਿਆਂ ਵਿਚ ਜੁਰਮਾਨੇ ਕੀਤੇ ਗਏ ਹਨ | ਇਸ ਤੋਂ ਇਲਾਵਾ 165 ਕਿਸਾਨਾਂ ਦੇ ਮਾਲ ਰਿਕਾਰਡ 'ਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ |