ਅੰਮਿ੍ਤਸਰ, 22 ਅਕਤੂਬਰ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਅਲਵਰ ਰਾਜਸਥਾਨ ਤੋਂ ਜੈਕਾਰਿਆਂ ਦੀ ਗੰੂਜ 'ਚ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਲਈ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਕੀਰਤਨੀ ਜਥਿਆਂ ਤੇ ਸਿੰਘ ਸਾਹਿਬ ਵਲੋਂ ਸੰਗਤਾਂ ਨੂੰ ਨੌਵੇਂ ਪਾਤਿਸ਼ਾਹ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ ਮਹੀਨੇ ਹੋ ਰਹੇ ਸ਼ਤਾਬਦੀ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ | ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਬੱਗਾ, ਸਲੋਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਰਸਤੇ ਵਿਚ ਰਾਜਸਥਾਨ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਰਾਜਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਬਲਦੇਵ ਸਿੰਘ, ਸੁਪਰਵਾਈਜ਼ਰ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |