ਨਾਂਦੇੜ, 23 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ | ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਨੌਵੇਂ ਪਾਤਿਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਰਸਮੀ ਸੱਦਾ ਦਿੱਤਾ | ਇਸ ਦੌਰਾਨ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਹਰਜੋਤ ਸਿੰਘ ਬੈਂਸ ਨੂੰ ਦਸਤਾਰ ਸਜਾਈ ਅਤੇ ਸਿਰਪਾਓ ਭੇਟ ਕੀਤਾ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪਾਵਨ ਅਸਥਾਨ 'ਤੇ ਨਤਮਸਤਕ ਹੋਣਾ ਉਨ੍ਹਾਂ ਲਈ ਭਾਗਾਂ ਵਾਲੀ ਗੱਲ ਹੈ | ਹਰਜੋਤ ਸਿੰਘ ਬੈਂਸ ਨੇ ਗਿਆਨੀ ਕੁਲਵੰਤ ਸਿੰਘ ਨੂੰ ਜਾਣੂ ਕਰਵਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਵਿਸ਼ਵ ਭਰ ਤੋਂ ਵੱਡੀ ਗਿਣਤੀ 'ਚ ਸੰਗਤ ਦੇ ਆਉਣ ਦੀ ਉਮੀਦ ਹੈ | ਉਨ੍ਹਾਂ ਦੱਸਿਆ ਕਿ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤ ਦੀ ਠਹਿਰ ਲਈ ਪਵਿੱਤਰ ਸ਼ਹਿਰ ਵਿਖੇ ਇਕ ਟੈਂਟ ਸਿਟੀ (ਚੱਕ ਨਾਨਕੀ) ਸਥਾਪਤ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 23 ਨਵੰਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਨਾਲ ਸ਼ੁਰੂ ਹੋਣਗੇ |
ਹਰਜੋਤ ਸਿੰਘ ਬੈਂਸ ਤੇ ਦੀਪਕ ਬਾਲੀ ਵਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ <br/>
ਅਜੀਤ ਡੈਸਕ
24-10-2025