ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ 'ਚ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ | ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ | ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ ਰਾਹੀਂ ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਸਰਵਉੱਚ ਬਲਿਦਾਨ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ ਗਿਆ ਹੈ |