ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਸਤਨਾਮ ਸਿੰਘ ਸੱਤੀ, ਜੇ. ਐਸ. ਨਿੱਕੂਵਾਲ)-ਸ਼ਹੀਦੀ ਸ਼ਤਾਬਦੀ ਸਮਾਰੋਹ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਧਾਨ ਸਭਾ ਇਜਲਾਸ ਦੇ ਸਮਾਪਤ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸ਼ਿਸੋਦੀਆ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਗਈ | ਉਨ੍ਹਾਂ ਨੇ ਗੁਰੂ ਘਰ ਵਿਚ ਕੁੱਝ ਸਮਾਂ ਬਿਤਾਇਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਤੋਂ ਬਾਅਦ ਸਾਰੀ ਟੀਮ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੈਦਲ ਹੀ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਥੜ੍ਹਾ ਸਾਹਿਬ ਅਤੇ ਸਾਹਿਬਜ਼ਾਦਿਆਂ ਦੇ ਜਨਮ ਅਸਥਾਨ ਵਿਖੇ ਹਾਜ਼ਰੀ ਲਗਾਈ ਗਈ | ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਮੁੱਖ ਪ੍ਰਬੰਧਕ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਨ ਰੂਪਨਗਰ ਵਲੋਂ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ, ਮਹੱਤਤਾ ਅਤੇ ਗੁਰੂ ਘਰ ਨਾਲ ਜੁੜੇ ਇਤਿਹਾਸਿਕ ਪ੍ਰਸੰਗਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਡੀ.ਆਈ.ਜੀ. ਨਾਨਕ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ |