ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਸ਼ਬਦ ਕੀਰਤਨ ਸਮਾਗਮ ਦਾ ਕਰਵਾਇਆ ਗਿਆ | ਚੰਡੀਗੜ੍ਹ ਦੇ ਸੈਕਟਰ 8 ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਦੇ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਸਮਾਗਮ 'ਚ ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਨੂੰ ਨਿਮਰਤਾ ਨਾਲ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਨੇ ਸੰਗਤ ਵਿਚ ਬੈਠ ਕੇ ਕੀਰਤਨ ਸੁਣਿਆ ਅਤੇ ਲੰਗਰ ਸੇਵਾ 'ਚ ਹਿੱਸਾ ਪਾਇਆ | ਗੁਰਦੁਆਰਾ ਪਾਤਸ਼ਾਹੀ ਦਸਵੀਂ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਹਿਲ ਨੇ ਰਾਜਪਾਲ ਕਟਾਰੀਆ ਨੂੰ ਸਨਮਾਨਿਤ ਕੀਤਾ | ਇਸ ਮੌਕੇ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ, ਗ੍ਰਹਿ ਸਕੱਤਰ ਯੂ.ਟੀ. ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਯੂ.ਟੀ. ਦੀਪਰਵਾ ਲਾਕੜਾ ਅਤੇ ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮਾਗਮ ਤੋਂ ਪਹਿਲਾਂ ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਨਿਡਰਤਾ, ਦਇਆ ਅਤੇ ਮਨੁੱਖਤਾ ਦੀ ਪਛਾਣ ਕਰਾਉਣ ਵਾਲੀਆਂ ਸਿੱਖਿਆਵਾਂ ਸਦੀਵੀਂ ਸਮਾਜ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ |