ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਲੁਧਿਆਣਾ ਪੱਛਮੀ ਤੋਂ ਹੋ ਰਹੀ ਜ਼ਿਮਨੀ ਚੋਣ 'ਚ ਚੋਣ ਪ੍ਰਚਾਰ ਦਾ ਅਖਾੜਾ ਪੂਰੀ ਤਰ੍ਹਾਂ ਮਘਿਆ ਹੋਇਆ ਹੈ ਅਤੇ ਹਰ ਪਾਰਟੀ ਦੇ ਆਗੂ ਅਤੇ ਵਰਕਰ ਆਪੋ ਆਪਣੇ ਉਮੀਦਵਾਰ ਨੂੰ ਜਿਤਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ | ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਚੋਣ ਪ੍ਰਚਾਰ 'ਚ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਵੀ ਚੋਣ ਪ੍ਰਚਾਰ ਵਿਚ ਮੋਹਰੀ ਹੋ ਕੇ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ ਤੇ ਉਹ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਪਰਿਵਾਰਿਕ ਮੈਂਬਰਾਂ ਨਾਲ ਘਰ-ਘਰ ਜਾ ਕੇ ਆਪਣੇ ਉਮੀਦਵਾਰ ਦੇ ਹੱਕ 'ਚ ਵੋਟਾਂ ਮੰਗ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੱਡੀ ਲੀਡ ਨਾਲ ਜਿੱਤਣਗੇ, ਕਿਉਂਕਿ ਉਹ ਲੋਕਾਂ ਦੇ ਚਹੇਤੇ ਉਮੀਦਵਾਰ ਹਨ ਅਤੇ ਉਹ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਹਮੇਸ਼ਾ ਸ਼ਰੀਕ ਰਹਿੰਦੇ ਹਨ ਅਤੇ ਹੁਣ ਲੁਧਿਆਣਾ ਪੱਛਮੀ ਦੇ ਲੋਕ ਚਾਹੁੰਦੇ ਹਨ ਕਿ ਉਹ ਵਿਧਾਨ ਸਭਾ ਵਿਚ ਪਹੁੰਚਣ ਤੇ ਉਨ੍ਹਾਂ ਨੂੰ ਹਲਕੇ ਦੇ ਲੋਕ ਦਾ ਰੱਜਵਾਂ ਪਿਆਰ ਮਿਲ ਰਿਹਾ ਹੈ | ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਅੱਗੇ ਕਿਹਾ ਕਿ ਇਹ ਚੋਣ ਸਾਲ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੁੜ ਤੋਂ ਸਰਕਾਰ ਬਣਾ ਕੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਜਾਣਗੇ |