ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਚਲਾਈ ਗਈ ਸੀ.ਐਮ. ਦੀ ਯੋਗ ਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਜ਼ਿਲ੍ਹਾ ਪੱਧਰ 'ਤੇ ਇਹ ਸਮਾਗਮ ਦਾ ਆਯੋਜਨ ਮੋਗਾ ਦੇ ਕਸ਼ਮੀਰੀ ਪਾਰਕ ਵਿਖੇ ਹੋਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਾ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਸਾਂਝੀ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗ ਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਕ 'ਤੇ ਮਾਨਸਿਕ ਫ਼ਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ 21 ਜੂਨ ਨੂੰ ਮੋਗਾ ਦੇ ਕਸ਼ਮੀਰੀ ਪਾਰਕ ਵਿਖੇ ਜ਼ਿਲ੍ਹਾ ਪੱਧਰ 'ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਸਕਣ | ਉਨ੍ਹਾਂ ਕਿਹਾ ਕਿ ਇਸ ਵਾਰ ਪ੍ਰਸ਼ਾਸਨ ਵਲੋਂ ਸਭ ਤੋਂ ਵਧੀਆ ਯੋਗਾ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗ ਸ਼ਾਲਾ ਮਿਸ ਭਾਰਤੀ ਭਾਵਨਾ ਤੇ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |