ਮੋਗਾ, 22 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ 2 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ | ਇਸ ਸਬੰਧੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਜਿੰਦਰ ਸਿੰਘ ਦੀ ਅਗਵਾਈ ਵਿਚ ਜਦ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਅੰਗਰੇਜ਼ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਢੈਠਲ ਜ਼ਿਲ੍ਹਾ ਪਟਿਆਲਾ ਅਤੇ ਰਮਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਹਾਬੜੀ ਜ਼ਿਲ੍ਹਾ ਕੈਂਥਲ ਹਰਿਆਣਾ ਜੋ ਅਫ਼ੀਮ ਵੇਚਣ ਦੇ ਆਦੀ ਹਨ ਅਤੇ ਅੱਜ ਆਪਣੀ ਗੱਡੀ ਹਾਂਡਾ ਸਿਟੀ ਨਾਲ ਨਹਿਰ ਸੂਆ ਪੁਲ ਦੁੱਨੇਕੇ ਕੋਲ਼ ਅਫ਼ੀਮ ਵੇਚਣ ਦੀ ਤਿਆਰੀ ਵਿਚ ਖੜ੍ਹੇ ਹਨ ਤਾਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਮਿਲੀ ਸੂਚਨਾ 'ਤੇ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਅੰਡਰ ਸੈਕਸ਼ਨ 18 -61-85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਵਿਅਕਤੀਆਂ ਨੂੰ ਅਦਾਲਤ ਪੇਸ਼ ਕੀਤਾ ਜਾਵੇਗਾ ਤਾਂ ਕਿ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਗੁਰਜਿੰਦਰ ਸਿੰਘ ਹਾਜ਼ਰ ਸਨ |