ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਹਲਕੇ ਦੇ ਨਸ਼ਾ ਮੁਕਤੀ ਮੋਰਚਾ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕਰਨ ਲਈ ਆਪਣੇ ਨਿਵਾਸ ਸਥਾਨ 'ਤੇ ਇਕ ਸਨਮਾਨ ਸਮਾਰੋਹ ਕਰਵਾਇਆ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਪ੍ਰਧਾਨਾਂ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਾਰੇ ਅਹੁਦੇਦਾਰ ਪਾਰਟੀ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਮੇਂ-ਸਮੇਂ 'ਤੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਬਣਦਾ ਸਤਿਕਾਰ ਦੇ ਰਹੀ ਹੈ | ਸਮਾਰੋਹ ਦੌਰਾਨ ਉਨ੍ਹਾਂ ਮੋਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ |