ਬਾਘਾ ਪੁਰਾਣਾ, 21 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਬਾਘਾ ਪੁਰਾਣਾ) ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਮੱਸਿਆ ਦੇ ਦਿਹਾੜੇ ਮੌਕੇ ਇਸ ਪਵਿੱਤਰ ਅਸਥਾਨ 'ਤੇ ਦੂਰੋਂ-ਨੇੜਿਓਾ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਵਲੋਂ ਸਰੋਵਰ 'ਚ ਇਸਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ | ਇਸ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ 'ਚ ਧਾਰਮਿਕ ਦੀਵਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸਜਾਏ ਗਏ | ਜਿਸ ਦੌਰਾਨ ਬਾਬਾ ਬਲਵਿੰਦਰ ਸਿੰਘ ਵਲੋਂ ਦਰਬਾਰ ਸਾਹਿਬ 'ਚ ਬੈਠੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਦੇ ਲੜ ਲੱਗਣ ਦਾ ਉਦੇਸ਼ ਦਿੱਤਾ ਗਿਆ ਅਤੇ ਕੀਰਤਨ ਦਰਬਾਰ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਦਿਹਾੜੇ ਮੌਕੇ ਕਰਵਾਏ ਧਾਰਮਿਕ ਸਮਾਗਮ ਮੌਕੇ ਗੁਰਦੁਆਰਾ ਸਾਹਿਬ 'ਚ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਨੂੰ ਬਾਬਾ ਬਲਵਿੰਦਰ ਸਿੰਘ ਵਲੋਂ ਜੀ ਆਇਆ ਕਿਹਾ ਗਿਆ ਅਤੇ ਮੱਸਿਆ ਤੇ ਪੁੰਨਿਆਂ ਦੇ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ |