ਧਰਮਕੋਟ/ਫ਼ਤਿਹਗੜ੍ਹ ਪੰਜਤੂਰ, 16 ਅਕਤੂਬਰ (ਪਰਮਜੀਤ ਸਿੰਘ, ਜਸਵਿੰਦਰ ਸਿੰਘ ਪੋਪਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਮਿਸ਼ਨ ਪੁਨਰਵਾਸ ਤਹਿਤ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ | ਜਿਸ 'ਚੋਂ ਜ਼ਿਲ੍ਹਾ ਮੋਗਾ ਦੇ ਹੜ੍ਹ ਪੀੜਤਾਂ ਨੂੰ 11.40 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਜਾਵੇਗੀ | ਅੱਜ ਹਲਕਾ ਧਰਮਕੋਟ ਦੇ ਸੱਤ ਪਿੰਡਾਂ ਝੁੱਗੀਆਂ, ਦੌਲੇਵਾਲਾ, ਮੇਲਕ ਕੰਗਾਂ, ਕੰਬੋ ਕਲਾਂ, ਕੰਬੋ ਖ਼ੁਰਦ, ਬੱਗੇ, ਢੋਲੇਵਾਲਾ ਖ਼ੁਰਦ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ | ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਰਾਜ ਅੰਦਰ ਵੱਡੀ ਪੱਧਰ 'ਤੇ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਵੀ ਢਹਿ ਗਈਆਂ ਸਨ | ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ | ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲ ਰਹੇ ਹਨ | ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ 100 ਫ਼ੀਸਦੀ ਨੁਕਸਾਨੇ ਘਰ ਮਾਲਕਾਂ ਨੂੰ 1 ਲੱਖ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ | 15 ਫ਼ੀਸਦੀ ਤੱਕ ਨੁਕਸਾਨ ਵਾਲੇ ਘਰਾਂ ਦੇ ਮਾਲਕਾਂ ਨੂੰ 40 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਲਦ ਦਿੱਤਾ ਜਾਵੇਗਾ | ਸ਼੍ਰੀ ਸੇਤੀਆ ਡਿਪਟੀ ਕਮਿਸ਼ਨਰ, ਮੋਗਾ ਨੇ ਜ਼ਿਲ੍ਹੇ ਵਿਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਯਤਨਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਆਵਜ਼ਾ ਰਾਸ਼ੀ ਸਮੇਂ ਸਿਰ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ 1.15 ਕਰੋੜ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਜੋ ਕਿ ਤੁਰੰਤ ਸਬੰਧਿਤ ਪੀੜਤਾਂ ਦੇ ਖਾਤਿਆਂ ਵਿਚ ਜਮਾਂ ਹੋ ਜਾਣਗੇ | ਇਸ ਮੌਕੇ ਐਸ.ਡੀ.ਐਮ. ਧਰਮਕੋਟ ਹਿਤੇਸਵੀਰ ਗੁਪਤਾ, ਸੁਖਬੀਰ ਸਿੰਘ ਮੰਦਰ ਚੇਅਰਮੈਨ ਮਾਰਕੀਟ ਫ਼ਤਿਹਗੜ੍ਹ ਪੰਜਤੂਰ, ਮਨਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ |