ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖ ਇਤਿਹਾਸ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਨਾਇਆ ਗਿਆ | ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਕਿਹਾ ਕਿ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀਆਂ ਸ਼ਹਾਦਤਾਂ ਦਾ ਬਦਲਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਨਾਂਦੇੜ ਤੋਂ ਦਸਮੇਸ਼ ਪਿਤਾ ਦਾ ਥਾਪੜਾ ਲੈ ਕੇ ਪੰਜਾਬ ਵੱਲ ਵਧਿਆ ਅਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ, ਜ਼ਾਲਮ ਸੂਬੇ ਸਰਹਿੰਦ ਵਜ਼ੀਰ ਖਾਨ ਤੇ ਹੋਰਾਂ ਨੂੰ ਮੌਤ ਦੇ ਘਾਟ ਉਤਾਰ ਕੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਿਤ ਕਰਕੇ ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਨਾਂਅ 'ਤੇ ਮੋਹਰਾਂ ਤੇ ਸਿੱਕੇ ਚਲਾ ਕੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ | ਉਨ੍ਹਾਂ ਨੇ ਜਾਗੀਰਦਾਰੀ ਸਿਸਟਮ ਦਾ ਖ਼ਾਤਮਾ ਕਰਕੇ ਕਿਸਾਨਾਂ ਯਾਨੀ ਵਾਹਕਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ | ਇਸ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਕਿਸਾਨੀ ਦੇ ਮੁਕਤੀਦਾਤਾ ਵਜੋਂ ਜਾਣੇ ਜਾਂਦੇ ਹਨ | ਵਾਈਸ ਪਿ੍ੰਸੀਪਲ ਮੀਨਾ ਜੈਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿੱਤ ਸਮਝੇ ਜਾਂਦੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਉਖਾੜ ਦਿੱਤੀਆਂ ਅਤੇ ਨਿਰਦੋਸ਼ਾਂ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ | ਬੁਲਾਰਿਆਂ ਨੇ ਚੱਪੜਚਿੜੀ ਦੀ ਇਤਿਹਾਸਕ ਜੰਗ ਅਤੇ ਬਾਬਾ ਜੀ ਦੇ ਪਰਿਵਾਰ ਅਤੇ ਸਾਥੀਆਂ ਤੇ ਅਕਹਿ ਤੇ ਅਸਹਿ ਜ਼ੁਲਮਾਂ ਦੀ ਲੂੰ ਕੰਡੇ ਖੜ੍ਹੇ ਕਰਨ ਵਾਲੀ ਦਾਸਤਾਨ ਵਿਸਥਾਰ ਪੂਰਵਕ ਸੁਣਾਈ |