ਮੋਗਾ, 22 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਮਹਿਣਾ ਪੁਲਿਸ ਵਲੋਂ 2 ਨੌਜਵਾਨਾਂ ਨੂੰ 300 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਧਰਮਕੋਟ ਦੇ ਡੀ. ਐਸ. ਪੀ. ਰਾਜੇਸ਼ ਠਾਕੁਰ ਨੇ ਦੱਸਿਆ ਕਿ ਜਦ ਥਾਣਾ ਮਹਿਣਾ ਦੇ ਮੁੱਖ ਅਫਸਰ ਇੰਸਪੈਕਟਰ ਜਨਕ ਰਾਜ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਬੁੱਘੀਪੁਰਾ ਚੌਕ ਵਿਚ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਸੇਵਕ ਸਿੰਘ ਪੁੱਤਰ ਅਵਤਾਰ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਗਾਮੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਅੱਜ ਉਹ ਮੋਗਾ ਵਿਖੇ ਪਿੰਡ ਬੁੱਘੀਪੁਰਾ ਤੋਂ ਬਹੋਨਾ ਨੂੰ ਜਾਣ ਵਾਲੀ ਲਿੰਕ ਰੋਡ ਸੇਮ ਦੇ ਪੁਲ ਕੋਲ ਖੜ੍ਹੇ ਹਨ ਤਾਂ ਪੁਲਿਸ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 300 ਗਰਾਮ ਹੈਰੋਇਨ ਸਮੇਤ ਮੋਟਰਸਾਈਕਲ ਕਾਬੂ ਕਰ ਲਿਆ ਅਤੇ ਉਨ੍ਹਾਂ ਖਿਲਾਫ ਥਾਣਾ ਮਹਿਣਾ ਵਿਚ ਅੰਡਰ ਸੈਕਸ਼ਨ 21, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਡੀ. ਐਸ. ਪੀ. ਧਰਮਕੋਟ ਰਾਜੇਸ਼ ਠਾਕੁਰ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਸੇਵਕ ਸਿੰਘ ਤੇ ਤਿੰਨ ਪਹਿਲਾਂ ਵੀ ਐਨ. ਡੀ. ਪੀ. ਐਸ. ਐਕਟ ਦੇ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ |