ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਮੰਡੀਆਂ ਵਿਚ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ | ਕਿਸਾਨਾਂ ਦੀ ਨਿਯਮਿਤ ਨਮੀ ਵਾਲੀ ਫ਼ਸਲ ਦੀ ਘੱਟ ਤੋਂ ਘੱਟ ਸਮੇਂ ਦੇ ਅੰਦਰ-ਅੰਦਰ ਖ਼ਰੀਦ ਕਰਨੀ ਯਕੀਨੀ ਬਣਾਈ ਜਾ ਰਹੀ ਹੈ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ 144154 ਮੀਟਿ੍ਕ ਟਨ ਝੋਨੇ ਦੀ ਫ਼ਸਲ ਵਿਚੋਂ 125872 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਮੰਡੀਆਂ ਵਿਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੇ ਝੋਨੇ ਦੀ ਫ਼ਸਲ ਹੀ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਦੇ ਆਦੇਸ਼ਾਂ ਦੀ ਵੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ |