ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਸਥਾਨਕ ਹੋਲੀ ਹਾਰਟ ਸਕੂਲ ਮੋਗਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਤੇ ਪਿ੍ੰਸੀਪਲ ਮੈਡਮ ਸ਼ਿਵਾਨੀ ਅਰੋੜਾ ਦੀ ਅਗਵਾਈ ਹੇਠ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ | ਸਕੂਲ ਵਿਚ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਣ ਅਤੇ ਕਵਿਤਾਵਾਂ ਪੇਸ਼ਗੀ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ | ਇਸ ਪਵਿੱਤਰ ਦਿਹਾੜੇ 'ਤੇ ਵਿਦਿਆਰਥੀਆਂ ਦੇ ਇਕ ਸਮੂਹ ਨੇ ਨਜ਼ਦੀਕੀ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਨਾਲ ਬੱਚਿਆਂ ਨੂੰ ਧਾਰਮਿਕ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ | ਚੇਅਰਮੈਨ ਸੁਭਾਸ਼ ਪਲਤਾ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ | ਡਾਇਰੈਕਟਰ ਤੇ ਪਿ੍ੰਸੀਪਲ ਮੈਡਮ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ | ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ |