ਨੱਥੂਵਾਲਾ ਗਰਬੀ, 5 ਨਵੰਬਰ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਸਕੂਲ ਦੇ ਚਾਰ ਅਲੱਗ-ਅਲੱਗ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਕੋਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਸਵਾਲ ਪੁੱਛੇ ਗਏ ਜਿਨ੍ਹਾਂ ਵਿਚ ਬੱਚਿਆਂ ਨੇ ਬਹੁਤ ਹੀ ਵਧੀਆ ਉੱਤਰ ਦਿੱਤਾ | ਇਸ ਤੋਂ ਹੋਰ ਵੀ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਬਹੁਤ ਸਾਰਾ ਕੁਝ ਜਾਨਣ ਨੂੰ ਮਿਲਿਆ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਵਲੋਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਿਆ ਅਤੇ ਉਨ੍ਹਾਂ ਦੀ ਵਿਚਾਰਧਾਰਾ ਅਨੁਸਾਰ ਚੱਲਣ ਲਈ ਵੀ ਪ੍ਰੇਰਿਤ ਕੀਤਾ ਅਤੇ ਬੱਚਿਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾ ਅਤੇ ਭਾਸ਼ਣ ਪੇਸ਼ ਕੀਤੇ ਗਏ | ਸਕੂਲ ਵਲੋਂ ਕਰਵਾਏ ਗਏ ਕੁਇਜ਼ ਮੁਕਾਬਲਿਆਂ ਵਿਚ ਸਕੂਲ ਦੇ ਸ਼ਹੀਦ ਰਾਜਗੁਰੂ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ | ਕੁਇਜ਼ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ |