ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹੀ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਕੂਲ ਵਿਚ ਪ੍ਰਾਰਥਨਾ ਸਭਾ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦਾ ਬਹੁਤ ਸੋਹਣਾ ਉਚਾਰਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਮਾਹੌਲ ਨੂੰ ਇਕ ਬੜਾ ਹੀ ਅਲੌਕਿਕ ਭਗਤੀਮਈ ਰੂਪ ਦੇ ਦਿੱਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ ਅਤੇ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਭਲਾਈ ਅਤੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਦੇ ਲੇਖੇ ਲਾ ਦਿੱਤਾ | ਗੁਰੂ ਨਾਨਕ ਜੀ ਨੇ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ | ਉਨ੍ਹਾਂ ਇਹ ਵੀ ਕਿਹਾ ਕਿ ਸਭ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਜ਼ਰੂਰ ਧਾਰਨ ਕਰਨਾ ਚਾਹੀਦਾ ਹੈ |