ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਵਿਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜ਼ੀ ਸਬੰਧੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ | ਇਨ੍ਹਾਂ ਪਾਬੰਦੀ ਆਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼-2000 ਵਿਚ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ | ਆਰਕੈਸਟਰਾ ਬੈਂਡ, ਡੀ.ਜੇ ਅਤੇ ਲਾਊਡ ਸਪੀਕਰ, ਐਂਪਲੀਫਾਇਰ, ਢੋਲ, ਡਰੱਮ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ 'ਤੇ (ਜਨ ਹਿਤ ਐਮਰਜੈਂਸੀ ਦੇ ਹਾਲਾਤ ਛੱਡ ਕੇ) ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ | ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ | ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ | ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ 'ਤੇ ਲਾਗੂ ਨਹੀਂ ਹੋਵੇਗੀ | ਪੈ੍ਰਸ਼ਰ ਹਾਰਨ, ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾ ਤੋਂ ਵੱਧ) ਨੂੰ ਵਜਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ | ਮੈਰਿਜ ਪੈਲੇਸਾਂ ਵਿਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲੇਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ | ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਿਤ ਆਰਕੈਸਟਰਾ, ਡੀ.ਜੇ. ਅਤੇ ਮੈਰਿਜ ਪੈਲੇਸ ਆਦਿ ਸਾਰਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਇਹ ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ |