ਮਲੇਰਕੋਟਲਾ, 16 ਜੂਨ (ਮੁਹੰਮਦ ਹਨੀਫ਼ ਥਿੰਦ)-ਅੱਜ ਇੱਥੇ ਇੰਡੀਅਨ ਓਵਰਸੀਜ਼ ਕਾਂਗਰਸ (ਯੂ.ਕੇ) ਦੇ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਦੇ ਸਿਰਕੱਢ ਨੌਜਵਾਨ ਆਗੂ ਕਮਲਪ੍ਰੀਤ ਸਿੰਘ ਕਮਲ ਧਾਲੀਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਹਰੇਕ ਪਲੇਟਫ਼ਾਰਮ 'ਤੇ ਫ਼ੇਲ੍ਹ ਹੋ ਚੁੱਕੀ ਹੈ | ਲੁਧਿਆਣਾ ਪੱਛਮੀ ਦੇ ਲੋਕਾਂ ਨੇ ਆਪਣਾ ਮਨ 'ਤੇ ਵਿਸ਼ਵਾਸ਼ ਕਾਂਗਰਸ ਪਾਰਟੀ ਦੇ ਸਥਾਨਕ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵਿਚ ਜਤਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਬਹੁਤ ਹੀ ਸੁਲਝੇ ਹੋਏ ਆਗੂ ਹਨ ਅਤੇ ਪੂਰੀ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਚੋਣ ਮੈਦਾਨ ਵਿਚ ਉਮੀਦਵਾਰ ਆਸ਼ੂ ਦੇ ਹੱਕ ਵਿਚ ਚੋਣ ਪ੍ਰਚਾਰ 'ਚ ਨਿੱਤਰੀ ਹੋਈ ਹੈ, ਜਿਸ ਵਿਚ ਵੱਡੇ-ਵੱਡੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਚੋਣ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਲੋਕ ਵੋਟਾਂ ਪਾ ਕੇ ਵੱਡੀ ਲੀਡ ਨਾਲ ਲੁਧਿਆਣਾ ਦੀ ਜ਼ਿਮਨੀ ਚੋਣ ਜਿਤਾਉਣਗੇ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਮਲ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਕੇ ਅਤੇ ਝੂਠ ਦੇ ਪਲੰਦੇ ਬੰਨ੍ਹ ਕੇ ਪੰਜਾਬ ਦੇ ਲੋਕਾਂ ਨਾਲ ਬੇਵਫ਼ਾਈ ਕੀਤੀ ਹੈ | ਇਸ ਲਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਨੇਰੀ ਚੱਲੇਗੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਤੋਂ ਵੱਧ ਸੀਟਾਂ ਜਿੱਤ ਕੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਪਿਛਲੇ ਦਿਨੀਂ ਅਹਿਮਦਾਬਾਦ ਵਿਖੇ ਏਅਰ ਇੰਡੀਆ ਦੇ ਹੋਏ ਇੱਕ ਯਾਤਰੀਆਂ ਨਾਲ ਭਰੇ ਪਲੇਨ ਕ੍ਰੈਸ਼ ਬਾਰੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਦੁਖਦਾਈ ਘਟਨਾ ਸੀ, ਜਿਸ ਨੇ ਦੇਸ਼ ਲੋਕਾਂ ਦੇ ਹਿਰਦਿਆਂ ਨੂੰ ਅੰਦਰੋਂ ਬਲੂੰਦਰ ਕੇ ਰੱਖ ਦਿੱਤਾ ਹੈ | ਉਨ੍ਹਾਂ ਸਰਕਾਰ ਤੋਂ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜੜਾਂ ਤੋਂ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ |