ਲੌਂਗੋਵਾਲ, 17 ਜੂਨ (ਵਿਨੋਦ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਤੋਂ ਇੰਚਾਰਜ ਅਤੇ ਨਿਧੜਕ ਆਗੂ ਵਜੋਂ ਜਾਣੇ ਜਾਂਦੇ ਬਾਬੂ ਰਾਜਿੰਦਰਾ ਦੀਪਾ ਦੇ ਕਾਂਗਰਸ ਪਾਰਟੀ ਵਿਚ ਮੁੜ ਸ਼ਾਮਲ ਹੋ ਜਾਣ ਨਾਲ ਸੁਨਾਮ ਹਲਕੇ ਦੇ ਰਾਜਨੀਤਕ ਸਮੀਕਰਨ ਬਦਲ ਗਏ ਹਨ | ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਵਿਚ ਸ਼ਾਮਲ ਕਰਨ ਦੀ ਰਸਮ ਅਦਾ ਕੀਤੀ | ਉਨ੍ਹਾਂ ਦੀ ਆਮਦ ਨਾਲ ਜਿੱਥੇ ਟਿਕਟ ਦੇ ਚਾਹਵਾਨ ਆਗੂਆਂ ਦੀ ਚਿੰਤਾ ਵਧ ਗਈ ਹੈ ਅਤੇ ਵਰਕਰਾਂ ਦੇ ਇੱਕ ਖੇਮੇ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਬਾਬੂ ਰਾਜਿੰਦਰ ਦੀਪਾ ਕਾਂਗਰਸ ਪਾਰਟੀ ਦੇ ਹਲਕਾ ਸੁਨਾਮ ਤੋਂ ਟਕਸਾਲੀ ਆਗੂ ਸਨ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਟਿਕਟ ਕੱਟੇ ਜਾਣ ਕਾਰਨ ਉਨ੍ਹਾਂ ਕਾਂਗਰਸ ਪਾਰਟੀ ਤੋਂ ਬਗ਼ਾਵਤ ਕਰ ਦਿੱਤੀ ਸੀ ਅਤੇ ਆਜ਼ਾਦ ਚੋਣ ਲੜ ਕੇ ਕਾਂਗਰਸ ਦੇ ਉਮੀਦਵਾਰ ਦੀ ਹਾਰ ਦਾ ਕਾਰਨ ਬਣੇ ਸਨ | ਇਸ ਤੋਂ ਬਾਅਦ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸੁਨਾਮ ਹਲਕੇ ਦਾ ਇੰਚਾਰਜ ਬਣਾਇਆ ਹੋਇਆ ਸੀ |