ਮਲੇਰਕੋਟਲਾ, 20 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨਾਲ ਮੁਲਾਕਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ-ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਅਤੇ ਜਗਦੀਸ ਕੁਮਾਰ ਵੀ ਮੌਜੂਦ ਸਨ | ਗੁਨਜੀਤ ਰੁਚੀ ਬਾਵਾ ਨੇ ਦੱਸਿਆ ਕਿ ਪੰਜਾਬ ਦੇ ਹਰ ਕੋਨੇ ਤੱਕ ਕਮਿਸ਼ਨ ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਐਸੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਬੱਚਿਆਂ ਨੂੰ ਇੱਕ ਸੁਰੱਖਿਅਤ ਤੇ ਉੱਚ ਮਿਆਰੀ ਜੀਵਨ ਮਿਲ ਸਕੇ | ਉਨ੍ਹਾਂ ਕਿਹਾ ਕਿ ਬੱਚਿਆਂ 'ਤੇ ਹੋ ਰਹੇ ਕਿਸੇ ਵੀ ਕਿਸਮ ਦੇ ਸ਼ੋਸ਼ਣ, ਜਬਰ, ਬੇਇਨਸਾਫ਼ੀ ਜਾਂ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਮਾਜ ਵਿੱਚ ਜ਼ਿਆਦਾ ਤੋ ਜ਼ਿਆਦਾ ਜਾਗਰੂਕਤਾ ਪੈਦਾ ਕਰਕੇ ਬੱਚਿਆਂ ਨਾਲ ਹੋਣ ਵਾਲੀ ਹਿੰਸਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਨੂੰ ਰੋਕਣਾ ਸੰਭਵ ਹੈ | ਡਿਪਟੀ ਕਮਿਸ਼ਨਰ ਵਲੋਂ ਵਿਸ਼ਵਾਸ ਦਵਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੱਚਿਆਂ ਦੀ ਭਲਾਈ ਲਈ ਚੱਲ ਰਹੀਆਂ ਸਰਕਾਰੀ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲਾਗੂ ਕਰਨ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾਣਗੇ ਤਾਂ ਜੋ ਬੱਚਿਆਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ |