ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵਲੋਂ 30 ਦਿਨਾਂ ਦੇ ਅੰਦਰ ਹੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡਣੇ ਸ਼ੁਰੂ ਕਰ ਦਿੱਤੇ ਹਨ, ਇਸ ਨਾਲ ਕਿਸਾਨਾਂ ਦੀ ਆਰਥਿਕਤਾ ਵਿਚ ਸੁਧਾਰ ਆਵੇਗਾ | ਡਾ. ਜਵੰਧਾ ਨੇ ਅੱਗੇ ਕਿਹਾ ਕਿ ਕੁਦਰਤ ਦੇ ਕਹਿਰ ਅੱਗੇ ਹਰ ਕੋਈ ਬੇਵੱਸ ਹੈ ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਕਿਸਾਨਾਂ ਨਾਲ ਚਟਾਨ ਵਾਂਗ ਵਾਂਗ ਖੜੀ ਹੈ ਅਤੇ ਪੀੜਤਾਂ ਦੇ ਮੁੜ ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਸੇ ਤਹਿਤ ਹੀ ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਖ਼ਰਾਬ ਹੋਈਆਂ ਫ਼ਸਲਾਂ ਲਈ ਮੁਆਵਜ਼ਾ ਰਾਸ਼ੀ ਦੇ ਚੈੱਕ 30 ਦਿਨਾਂ ਅੰਦਰ ਹੀ ਦੇਣੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੇਸ਼ ਵਿਚ ਸਭ ਤੋਂ ਜ਼ਿਆਦਾ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ |