ਦਿੜ੍ਹਬਾ ਮੰਡੀ, 16 ਅਕਤੂਬਰ (ਹਰਬੰਸ ਸਿੰਘ ਛਾਜਲੀ) - ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਮਨਦੀਪ ਸਿੰਘ ਇੰਚਾਰਜ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਦੀ ਯੋਗ ਅਗਵਾਈ ਹੇਠ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਸੀ.ਆਰ.ਐਮ. ਸਕੀਮ 2025-26 ਤਹਿਤ ਬਲਾਕ ਦਿੜ੍ਹਬਾ ਦੇ ਪਿੰਡ ਦੀਵਾਨਗੜ੍ਹ ਕੈਂਪਰ ਵਿਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਾਸ਼ਤਕਾਰੀ ਤਕਨੀਕਾਂ ਸਬੰਧੀ ਇੱਕ ਪਿੰਡ ਪੱਧਰੀ ਕੈਂਪ ਲਗਾਇਆ ਗਿਆ | ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਅਤੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ | ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਸਾਂਭਣ ਦੇ ਫ਼ਾਇਦਿਆਂ ਬਾਰੇ ਵੀ ਵਿਸਥਾਰ ਵਿਚ ਦੱਸਿਆ | ਉਨ੍ਹਾਂ ਕਿਹਾ ਕਿ ਇੱਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿੱਲੋ ਜੈਵਿਕ ਮਾਦਾ, 5.5 ਕਿੱਲੋ ਨਾਈਟਰੋਜਨ, 2.5 ਕਿੱਲੋ ਫਾਸਫੋਰਸ, 25 ਕਿੱਲੋ ਪੋਟਾਸ਼ ਅਤੇ 1.2 ਕਿੱਲੋ ਸਲਫ਼ਰ ਤੱਤ ਨਸ਼ਟ ਹੋ ਜਾਂਦੇ ਹਨ | ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਹਿਰੀਲਾ ਧੂੰਆਂ ਪੈਦਾ ਹੁੰਦਾ ਹੈ ਜੋ ਹਵਾ ਪ੍ਰਦੂਸ਼ਣ ਨੇ ਨਾਲ- ਨਾਲ ਮਨੁੱਖਾਂ ਅਤੇ ਪਸ਼ੂਆਂ ਲਈ ਕਈ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ | ਕਣਕ ਦੀਆਂ ਵੱਧ ਉਪਜ ਅਤੇ ਵੱਧ ਗੁਣਵੱਤਾ ਵਾਲੀਆਂ ਕਿਸਮਾਂ, ਸਰੋਂ, ਦੇਸੀ ਛੋਲਿਆਂ ਅਤੇ ਮਟਰਾਂ ਦੀਆਂ ਸੁਧਰੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਮਸ਼ੀਨਾਂ ਦੀ ਵਰਤੋਂ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਵਿਗਿਆਨਕ ਹੱਲ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਕਣਕ, ਸਰੋਂ ਅਤੇ ਛੋਲਿਆਂ ਵਿਚ ਸੁਚੱਜੇ ਨਦੀਨ ਅਤੇ ਖਾਦ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ | ਕਿਸਾਨਾਂ ਨੂੰ ਕਣਕ ਵਿਚ ਗੁੱਲੀ-ਡੰਡੇ ਦੀ ਰੋਕਥਾਮ ਲਈ ਕਣਕ ਦੀ ਬਿਜਾਈ ਸਮੇਂ ਵਰਤੇ ਜਾਣ ਵਾਲੇ ਨਦੀਨਨਾਸ਼ਕਾਂ ਬਾਰੇ ਵੀ ਸੁਚੇਤ ਕੀਤਾ | ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਿਆਨ) ਨੇ ਕਿਹਾ ਕਿ ਕਣਕ ਵਿਚ ਬੀਜ ਦੀ ਸੋਧ ਦੁਆਰਾ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ | ਗੁਲਾਬੀ ਸੁੰਡੀ ਦੀ ਸਮੱਸਿਆ ਤੋਂ ਬਚਾਅ ਲਈ ਪੀਏਯੂ ਦੀਆਂ ਸਿਫ਼ਾਰਸ਼ਾਂ 'ਤੇ ਵੀ ਚਾਨਣਾ ਪਾਇਆ | ਕਿਸਾਨਾਂ ਨੂੰ ਪੀ.ਏ.ਯੂ. ਵਲੋਂ ਤਿਆਰ ਕੀਤੀਆਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ, ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਖੇਤੀਬਾੜੀ ਸਾਹਿਤ ਵੰਡਿਆ ਗਿਆ | ਫੀਲਡ ਵਿਜਿਟ ਦੌਰਾਨ ਕਿ੍ਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵਲੋਂ ਅਗਾਂਹਵਧੂ ਕਿਸਾਨ ਮੱਖਣ ਸਿੰਘ ਦੇ ਫਾਰਮ ਉੱਤੇ ਸਿੱਧੀ ਬਿਜਾਈ ਵਾਲੇ ਝੋਨੇ ਦੀ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ ਗਿਆ | ਕਿਸਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਰਪੰਚ ਗੁਰਸੇਵਕ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਮੌਜੂਦ ਸਨ |