ਸ਼ੇਰਪੁਰ, 16 ਅਕਤੂਬਰ (ਮੇਘ ਰਾਜ ਜੋਸ਼ੀ) - ਕਾਂਗਰਸ ਪਾਰਟੀ ਵਲੋਂ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ | ਪਿੰਡ ਗੁਰਬਖ਼ਸ਼ਪੁਰਾ ਵਿਖੇ ਕਾਂਗਰਸੀ ਵਰਕਰਾਂ ਨੇ ਅਮਰਜੀਤ ਸਿੰਘ ਖਹਿਰਾ ਦੇ ਘਰ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪਿੰਡ ਵਾਸੀਆਂ ਵਲੋਂ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਮਹਿਲ ਕਲਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਕਾਂਗਰਸ ਹੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿੰਡ ਪੱਧਰ ਦੀਆਂ ਮੀਟਿੰਗਾਂ ਰਾਹੀਂ ਪਾਰਟੀ ਵਰਕਰਾਂ ਨੂੰ ਮੁੜ ਸਰਗਰਮ ਕੀਤਾ ਜਾ ਰਿਹਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿਚ ਕਾਂਗਰਸ ਹਲਕੇ ਵਿਚ ਮਜ਼ਬੂਤ ਢੰਗ ਨਾਲ ਉੱਭਰੇ | ਇਸ ਮੌਕੇ ਕਾਂਗਰਸ ਕਿਸਾਨ ਵਿੰਗ ਦੇ ਆਗੂ ਹਾਕਮ ਸਿੰਘ ਖਹਿਰਾ, ਸਮਾਜ ਸੇਵੀ ਅਮਰਜੀਤ ਸਿੰਘ ਖਹਿਰਾ, ਮੇਜਰ ਸਿੰਘ ਬੁਰਜ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |