ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਨਾਮ ਅੰਦਰ ਨਵੇਂ ਬਣ ਰਹੇ ਅੰਡਰ ਬਰਿੱਜ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭਿ੍ਸ਼ਟਾਚਾਰ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਹੈ ਤੇ ਜਿਹੜਾ ਵੀ ਵਿਅਕਤੀ, ਚਾਹੇ ਉਹ ਕੋਈ ਵੱਡਾ ਅਧਿਕਾਰੀ ਹੋਵੇ, ਚਾਹੇ ਛੋਟਾ, ਕਿਸੇ ਵੀ ਹਾਲ ਬਖ਼ਸ਼ਿਆ ਨਹੀਂ ਜਾਵੇਗਾ | ਸ੍ਰੀ ਅਰੋੜਾ ਨੇ ਕਿਹਾ ਕਿ ਨਵਾਂ ਬਣ ਰਿਹਾ ਅੰਡਰ ਬਰਿੱਜ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗਾ, ਸ੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਦਾ ਨਵਾਂ ਬੱਸ ਸਟੈਂਡ ਵੀ 31 ਜੁਲਾਈ 2026 ਤੱਕ ਬਣ ਕੇ ਤਿਆਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ | ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਿਹਨਤੀ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ | ਉਦਯੋਗਿਕ ਖੇਤਰਾਂ ਦੇ ਵਿਸਥਾਰ, ਨਵੇਂ ਕੌਸ਼ਲ ਕੇਂਦਰਾਂ ਦੀ ਸਥਾਪਨਾ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਅਧੁਨੀਕਿਰਨ ਲਈ ਸਰਕਾਰ ਵਲੋਂ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਮੌਕੇ 'ਤੇ ਅਜੈਬ ਸਿੰਘ ਸੱਗੂ, ਇੰਦਰਜੀਤ ਸਿੰਘ ਕੰਬੋਜ, ਸਾਹਿਬ ਸਿੰਘ ਅਤੇ ਨਰਿੰਦਰ ਸਿੰਘ ਠੇਕੇਦਾਰ ਆਦਿ ਵੀ ਹਾਜ਼ਰ ਸਨ |