ਸੰਗਰੂਰ, 25 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਨਗਰੀ ਦਾ ਦਰਜਾ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਡਾ. ਜਵੰਧਾ, ਜੋ ਕਿ ਸੰਗਰੂਰ ਜ਼ਿਲ੍ਹੇ ਨਾਲ ਸੰਬੰਧ ਰੱਖਦੇ ਹਨ ਅਤੇ ਸੂਬੇ ਵਿੱਚ ਤਕਨਾਲੋਜੀ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹਨ, ਨੇ ਇਸ ਫ਼ੈਸਲੇ ਨੂੰ ਇੱਕ ਵੱਡਾ ਅਤੇ ਇਤਿਹਾਸਕ ਕਦਮ ਦੱਸਿਆ ਹੈ | ਮਿੰਕੂ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਮ ਆਦਮੀ ਪਾਰਟੀ' ਦੀ ਸਰਕਾਰ ਨੇ ਪੰਜਾਬ ਦੇ ਤਿੰਨ ਮਹੱਤਵਪੂਰਨ ਧਾਰਮਿਕ ਸ਼ਹਿਰਾਂ-ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ-ਨੂੰ ਪਵਿੱਤਰ ਨਗਰੀ ਦਾ ਦਰਜਾ ਦੇ ਕੇ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਇਨ੍ਹਾਂ ਇਤਿਹਾਸਕ ਸਥਾਨਾਂ 'ਤੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਇੱਕ ਸ਼ੁੱਧ ਅਤੇ ਸਤਿਕਾਰਯੋਗ ਮਾਹੌਲ ਪ੍ਰਦਾਨ ਕਰੇਗਾ |