ਫ਼ਿਰੋਜ਼ਪੁਰ, 15 ਜੂਨ (ਗੁਰਿੰਦਰ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਚ ਭੱਠਾ ਉਦਯੋਗ ਦੇ ਕੁਸ਼ਲ ਸੰਚਾਲਨ ਸਬੰਧੀ ਇਕ ਸੈਮੀਨਾਰ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਭੱਠਾ ਮਾਲਕ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਅਗਰਵਾਲ ਅਤੇ ਸਮੂਹ ਭੱਠਾ ਮਾਲਕਾਂ ਨੇ ਅਧਿਕਾਰੀਆਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਸੈਮੀਨਾਰ ਵਿਚ ਪੰਜਾਬ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਦੇ ਪੀ.ਐੱਸ.ਓ. ਮਗਨਬੀਰ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਅਭਿਸ਼ੇਕ ਚੌਹਾਨ ਨੇ ਭੱਠਾ ਸੰਚਾਲਨ ਦੇ ਤਕਨੀਕੀ ਪਹਿਲੂਆਂ 'ਤੇ ਆਪਣੀ ਮਾਹਿਰ ਰਾਏ ਦਿੱਤੀ | ਇਸ ਦੌਰਾਨ ਭੱਠਾ ਮਾਲਕਾਂ ਨੇ ਮਾਹਿਰਾਂ ਅਤੇ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨਾਲ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਦਾ ਨਿਵਾਰਨ ਵੀ ਕੀਤਾ ਗਿਆ | ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਨ ਇੰਜੀਨੀਅਰ ਗੁਲਸ਼ਨ ਕੁਮਾਰ, ਸਹਾਇਕ ਵਾਤਾਵਰਨ ਇੰਜੀਨੀਅਰ ਵਰੁਣ ਕੁਮਾਰ, ਜੂਨੀਅਰ ਇੰਜੀਨੀਅਰ ਜਸਵਿੰਦਰ ਸਿੰਘ ਅਤੇ ਰਣਜੀਤ ਸਿੰਘ ਵੀ ਹਾਜ਼ਰ ਸਨ | ਜ਼ਿਲ੍ਹਾ ਪ੍ਰਧਾਨ ਰਾਕੇਸ਼ ਅਗਰਵਾਲ ਨੇ ਭੱਠਾ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਵਿਸਤਰਿਤ ਜਾਣਕਾਰੀ ਦੇਣ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਸਾਰੇ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ | ਸਮਾਗਮ ਵਿਚ ਸੰਜੀਵ ਗੁਪਤਾ, ਜਗਸੀਰ ਸਿੰਘ, ਲਾਡਾ ਵੋਹਰਾ, ਬਲਟੇਕ ਸਿੰਘ, ਬਿੰਦਰਾ, ਸੁਖਦਿਆਲ ਸਮੇਤ ਫ਼ਿਰੋਜ਼ਪੁਰ, ਜ਼ੀਰਾ ਅਤੇ ਗੁਰੂਹਰਸਹਾਏ ਦੇ ਭੱਠਾ ਮਾਲਕ ਹਾਜ਼ਰ ਸਨ |