ਮੱਲਾਂਵਾਲਾ, 16 ਜੂਨ (ਗੁਰਦੇਵ ਸਿੰਘ)-ਸੂਬੇ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਦੀ ਗੱਲ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਜਦੋਂ ਤੋਂ ਭੁਪੇਸ਼ ਬਘੇਲ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਦੋਂ ਤੋਂ ਪਾਰਟੀ ਨੇ ਇਕ ਨਵੀਂ ਤਾਕਤ ਹਾਸਲ ਕੀਤੀ ਹੈ | ਉਹਨਾਂ ਕਿਹਾ ਕਿ ਬਘੇਲ ਦੀ ਅਗਵਾਈ 'ਚ ਸਾਰੇ ਆਗੂ ਇਕ ਮੰਚ 'ਤੇ ਇਕੱਠੇ ਹੋਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਜ਼ਬੂਤ ਮੁੱਢ ਬੰਨਿ੍ਹਆ ਗਿਆ ਹੈ | ਇੱਥੇ ਦੱਸਣਯੋਗ ਹੈ ਕਿ ਭੁਪੇਸ਼ ਬਘੇਲ ਚੰਡੀਗੜ੍ਹ ਦੇ ਦੌਰੇ 'ਤੇ ਸਨ, ਜਿੱਥੇ ਸੁਰਿੰਦਰ ਸਿੰਘ ਜੌੜਾ ਨੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਹਨਾਂ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚੁੱਕੇ ਜਾ ਰਹੇ ਕਦਮਾਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਅਤੇ ਆਪ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਲੋਕ ਅੱਜ ਵੀ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਿਛਲੇ ਸਮੇਂ ਦੌਰਾਨ ਸੂਬੇ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਜੌੜਾ ਨੇ ਬਘੇਲ ਦੀ ਰਣਨੀਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਹੈ | ਮੁਲਾਕਾਤ ਦੌਰਾਨ ਪੰਜਾਬ ਦੇ ਸਿਆਸੀ ਹਾਲਾਤ, ਚੋਣ ਰਣਨੀਤੀ ਅਤੇ ਪਾਰਟੀ ਦੀ ਅੰਦਰੂਨੀ ਮਜ਼ਬੂਤੀ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਜੌੜਾ ਨੇ ਵਿਸ਼ਵਾਸ ਜਤਾਇਆ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਇਕਜੱੁਟ ਹੋ ਕੇ ਚੋਣ ਮੈਦਾਨ ਵਿਚ ਉਤਰੇਗੀ ਅਤੇ ਸੂਬੇ ਦੀ ਜਨਤਾ ਦਾ ਵਿਸ਼ਵਾਸ ਜਿੱਤ ਕੇ ਸਰਕਾਰ ਬਣਾਏਗੀ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨ |