18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਡੇਂਗੂ ਮਲੇਰੀਆ ਤੋਂ ਬਚਾਓ ਸੰਬੰਧੀ ਅੰਤਰ ਵਿਭਾਗੀ ਕਮੇਟੀ ਦੀ ਹੋਈ ਮੀਟਿੰਗ

ਅਜੀਤ ਡੈਸਕ 18-06-2025
ਫ਼ਿਰੋਜ਼ਪੁਰ, 17 ਜੂਨ (ਅਜੀਤ ਬਿਊਰੋ)-ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਅਤੇ ਹੋਰ ਵੈਕਟਰ/ਵਾਟਰ ਬੋਰਨ ਡਜ਼ੀਜ਼ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਅੰਤਰ ਵਿਭਾਗੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ | ਇਸ ਮੀਟਿੰਗ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਨੇ ਵੱਖ-ਵੱਖ ਵਿਭਾਗਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਮਨਾਉਣ ਲਈ ਕਿਹਾ | ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੂੰ ਕੰਡਮ ਪਏ ਟਾਇਰਾਂ ਨੂੰ ਸਟੋਰ ਵਿਚ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਤਾਂ ਜੋ ਉਨ੍ਹਾਂ ਵਿਚ ਪਾਣੀ ਨਾ ਖੜ ਸਕੇ ਜਿਸ ਨਾਲ ਕਿ ਡੇਂਗੂ ਦਾ ਲਾਰਵਾ ਪੈਦਾ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਆਂਗਣਵਾੜੀ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ਼-ਸਫ਼ਾਈ ਵੱਲ ਖ਼ਾਸ ਤੌਰ 'ਤੇ ਧਿਆਨ ਦਿੱਤਾ ਜਾਵੇ ਅਤੇ ਵੱਖ-ਵੱਖ ਥਾਵਾਂ 'ਤੇ ਵਾਧੂ ਖੜ੍ਹੇ ਪਾਣੀ ਦੇ ਸੋਮਿਆਂ ਨੂੰ ਪੂਰਿਆ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਵੱਲੋਂ ਡੇਂਗੂ ਲਾਰਵਾ ਸਬੰਧੀ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਾਰੇ ਵਿਭਾਗਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮੁਨੀਲਾ ਅਰੋੜਾ, ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂਹਰਸਹਾਏ ਵਾਸੀ ਦੀਪਕ ਸ਼ਰਮਾ ਵਲੋਂ ਵਿਧਾਇਕ ਫੌਜਾ ਸਿੰਘ ਸਰਾਰੀ 'ਤੇ ਭਿ੍ਸ਼ਟਾਚਾਰ ਕਰਨ ਦੇ ਲਾਏ ਕਥਿਤ ਦੋਸ਼ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।