ਫ਼ਿਰੋਜ਼ਪੁਰ, 18 ਜੂਨ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸਮਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਡੇਂਗੂ, ਮਲੇਰੀਆ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਸਬੰਧੀ ਮੁਨਾਦੀ ਲਈ ਰਿਕਸ਼ਿਆਂ ਨੂੰ ਰਵਾਨਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਵੀ ਪਾਣੀ ਵਾਲੇ ਸਰੋਤਾਂ ਤੋਂ ਮੱਛਰ ਦਾ ਲਾਰਵਾ ਚੈੱਕ ਕਰਦੇ ਹੋਏ ਮੌਕੇ ਨਸ਼ਟ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੁਖ਼ਾਰ ਵਾਲੇ ਸ਼ੱਕੀ ਕੇਸਾਂ ਦੇ ਖ਼ੂਨ ਦੇ ਨਮੂਨੇ ਲਏ ਜਾ ਰਹੇ ਹਨ | ਸਿਵਲ ਸਰਜਨ ਨੇ ਕਿਹਾ ਕਿ ਬੁਖ਼ਾਰ ਹੋਣ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਜਾ ਕੇ ਡੇਂਗੂ ਤੇ ਮਲੇਰੀਆ ਦਾ ਟੈੱਸਟ ਜੋ ਕਿ ਮੁਫ਼ਤ ਕੀਤਾ ਜਾਂਦਾ ਹੈ, ਕਰਵਾਉਣਾ ਚਾਹੀਦਾ ਹੈ | ਇਸ ਲਈ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਕਰਨ ਲਈ ਹਰ ਸ਼ੁੱਕਰਵਾਰ ਨੂੰ ਮੱਛਰ ਦਾ ਲਾਰਵਾ ਖ਼ਤਮ ਕਰਨ ਲਈ ''ਡੇਂਗੂ ਤੇ ਵਾਰ'' ਮਨਾਇਆ ਜਾਂਦਾ ਹੈ ਤਾਂ ਜੋ ਇਹੋ ਜਿਹੀਆਂ ਬਿਮਾਰੀਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਹੋ ਸਕੇ | ਇਸ ਮੌਕੇ ਡਾ. ਮੀਨਾਕਸ਼ੀ ਅਬਰੋਲ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਸੁਪਰਡੈਂਟ ਪਰਮਵੀਰ ਮੋਂਗਾ ਅਤੇ ਤਿ੍ਪਤੀ, ਸਟੈਨੋ ਵਿਕਾਸ ਕਾਲੜਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਸਹਾਇਕ ਮਲੇਰੀਆ ਅਫ਼ਸਰ ਹਰਜੀਤ ਸਿੰਘ ਅਤੇ ਕਮਲਜੀਤ ਸਿੰਘ ਵੱਡੀ ਗਿਣਤੀ ਵਿਚ ਬਹੁਮੰਤਵੀ ਸਿਹਤ ਵਰਕਰ ਹਾਜ਼ਰ ਸਨ |