ਫ਼ਿਰੋਜ਼ਪੁਰ, 18 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਚਲਾਈ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਇਸੇ ਸਬੰਧ 'ਚ ਸਥਾਨਕ ਕੰਟੋਨਮੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰ 'ਤੇ ਸਮਾਗਮ ਕਰਵਾਇਆ ਜਾਵੇਗਾ | ਇਹ ਜਾਣਕਾਰੀ ਸਹਾਇਕ ਕਮਿਸ਼ਨਰ ਹਰਜੋਤ ਕੌਰ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਾ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ | ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਜਿਸ ਵਿਚ ਵੱਡੀ ਗਿਣਤੀ 'ਚ ਲੋਕ ਸ਼ਮੂਲੀਅਤ ਕਰ ਰਹੇ ਨੇ | ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ 'ਚ ਲੋਕ ਸਰੀਰਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਕ 'ਤੇ ਮਾਨਸਿਕ ਫ਼ਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਕੇ ਤੰਦਰੁਸਤ ਜੀਵਨਸ਼ੈਲੀ ਅਪਣਾ ਸਕਣ | ਉਨ੍ਹਾਂ ਨੇ ਅਧਿਕਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ 'ਚ ਸ਼ਮੂਲੀਅਤ ਕਰਨ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਕੋਮਲ ਅਰੋੜਾ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਅਮਨਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |