ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)-3704 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗੁਰੂਹਰਸਹਾਏ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਦਮਗਜੇ ਮਾਰਨ ਵਾਲੀ ਤੇ ਨਕਲੀ ਇਨਕਲਾਬੀ ਮਖੌਟੇ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਿਰੋਧੀ ਫ਼ੈਸਲੇ ਕਰਕੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਕੇ ਚਰਚਾ 'ਚ ਰਹਿੰਦੀ ਹੈ | ਮੁਲਾਜ਼ਮਾਂ ਖ਼ਿਲਾਫ਼ ਲਗਾਤਾਰ ਪੁਰਾਣੀਆਂ ਸਰਕਾਰਾਂ ਵਲੋਂ ਵੀ ਮੁਲਾਜ਼ਮ ਮਾਰੂ ਨੀਤੀਆਂ ਅਪਣਾਈਆਂ ਗਈਆਂ ਸਨ, ਜਿਵੇਂ ਕਿ ਨਵੇਂ ਮੁਲਾਜ਼ਮਾਂ ਦਾ ਤਿੰਨ ਸਾਲ ਪਰਖਕਾਲ ਤੇ ਤਿੰਨ ਸਾਲ ਨਿਗੂਣੀ ਮੁਢਲੀ ਤਨਖ਼ਾਹ 'ਤੇ ਮਾਨਸਿਕ ਤੇ ਆਰਥਿਕ ਸ਼ੋਸ਼ਣ ਕਰਨਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕਰਨਾ, ਜਿਸ ਕਾਰਨ ਉਨ੍ਹਾਂ ਦੀ ਤਨਖ਼ਾਹ 15-20 ਹਜ਼ਾਰ ਮਹੀਨਾ ਘੱਟ ਰਹੀ ਹੈ | ਉਨ੍ਹਾਂ ਕਿਹਾ ਕਿ ਅਸਚਰਜਤਾ ਵਾਲੀ ਗੱਲ ਤਾਂ ਇਹ ਹੈ ਕਿ ਜਦੋਂ ਆਪ ਪਾਰਟੀ ਸੱਤਾ ਵਿਚ ਨਹੀਂ ਸੀ ਤਾਂ ਇਹ ਲਗਾਤਾਰ ਇਹਨਾਂ ਅਧੂਰੇ ਸਕੇਲਾਂ ਦਾ ਵਿਰੋਧ ਕਰਦੇ ਸਨ | ਪਰ ਸੱਤਾ ਵਿਚ ਆਉਣ ਤੋਂ ਬਾਅਦ ਤਿੰਨ ਸਾਲ ਬੀਤ ਜਾਣ 'ਤੇ ਇਹ ਲਗਾਤਾਰ ਆਪਣੇ ਵਾਅਦਿਆਂ ਤੋਂ ਭੱਜ ਰਹੇ ਹਨ | 3704 ਅਧਿਆਪਕ ਭਰਤੀ ਦਾ ਇਸ਼ਤਿਹਾਰ 28 ਫਰਵਰੀ 2020 ਦਾ ਹੋਣ ਅਤੇ ਸੇਵਾ ਨਿਯਮਾਂ ਵਿਚ ਸੋਧ ਨਾ ਹੋਣ ਕਰਕੇ ਜਦੋਂ ਅਸੀਂ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਕਾਨੂੰਨ ਦਾ ਸਹਾਰਾ ਲਿਆ ਤਾਂ ਹਾਈਕੋਰਟ ਤੇ ਸੁਪਰੀਮ ਕੋਰਟ ਨੇ ਵੀ ਮੁਲਾਜ਼ਮਾਂ ਦੇ ਹਿਤ ਵਿਚ ਫ਼ੈਸਲਾ ਕਰਦੇ ਹੋਏ ਪੰਜਾਬ ਪੇਅ ਸਕੇਲ ਬਹਾਲ ਕਰਨ ਦੇ ਹੁਕਮ ਦਿੱਤੇ ਹਨ ਤੇ ਮਾਣਯੋਗ ਹਾਈਕੋਰਟ ਨੇ ਸੀ.ਓ.ਸੀ.ਪੀ ਵਿਚ 2 ਅਪ੍ਰੈਲ ਨੂੰ ਅੰਤਿਮ ਹੁਕਮ ਜਾਰੀ ਕਰਦਿਆਂ ਸਰਕਾਰ ਨੂੰ ਦੋ ਮਹੀਨੇ ਵਿਚ ਸਾਡੇ 'ਤੇ ਪੰਜਾਬ ਪੇਅ ਸਕੇਲ ਲਾਗੂ ਕਰਨ ਦੇ ਹੁਕਮ ਦਿੱਤੇ ਸਨ, ਜੋ ਦੋ ਮਹੀਨੇ 2 ਜੂਨ 2025 ਨੂੰ ਪੂਰੇ ਹੋ ਗਏ ਹਨ | ਕੋਰਟ ਨੇ ਆਪਣੇ ਹੁਕਮਾਂ ਵਿਚ ਇਹ ਵੀ ਕਿਹਾ ਸੀ ਕਿ ਜੇਕਰ ਸਰਕਾਰ ਦੋ ਮਹੀਨੇ ਵਿਚ ਇਹ ਲਾਗੂ ਨਹੀਂ ਕਰਦੀ ਤਾਂ ਸਰਕਾਰ ਕੇਸ ਦੇ ਪਟੀਸ਼ਨਰਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਪਟੀਸ਼ਨਰ ਜੁਰਮਾਨਾ ਅਦਾ ਕਰੇਗੀ ਅਤੇ ਸਰਕਾਰ ਦੇ 2 ਉੱਚ ਅਧਿਕਾਰੀਆਂ ਦੀਆਂ ਤਨਖ਼ਾਹਾਂ ਅਟੈਚ ਹੋਣਗੀਆਂ | ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵੀ ਵਿਭਾਗ ਵਲੋਂ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ | ਜਿੱਥੋਂ ਇਹ ਪ੍ਰਤੀਤ ਹੁੰਦਾ ਹੈ ਕਿ ਇਹ ਅਧਿਕਾਰੀ ਕੋਰਟ ਦੇ ਹੁਕਮਾਂ ਨੂੰ ਵੀ ਟਿੱਚ ਜਾਣਦੇ ਹਨ ਅਤੇ ਹੁਕਮ ਲਾਗੂ ਕਰਨ ਦੀ ਥਾਂ 'ਤੇ ਇਹ ਲਗਾਤਾਰ ਸੇਵਾ ਨਿਯਮਾਂ ਵਿਚ ਸੋਧ ਕਰਨ ਵੱਲ ਲੱਗੇ ਹੋਏ ਹਨ | ਜਥੇਬੰਦੀ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਮੁਲਾਜ਼ਮ ਵਿਰੋਧੀ ਫ਼ੈਸਲੇ ਤੁਰੰਤ ਵਾਪਸ ਲਵੇ ਤੇ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਦੇ ਹੋਏ ਸਾਡੇ ਤੇ ਪੰਜਾਬ ਪੇਅ ਸਕੇਲ ਲਾਗੂ ਕਰੇ | ਇਸ ਮੌਕੇ ਯਾਦਵਿੰਦਰ ਸਿੰਘ, ਦਵਿੰਦਰ ਕੁਮਾਰ, ਜਗਜੀਵਨਜੋਤ ਸਿੰਘ, ਰਾਜੇਸ਼ਵਰ ਰਾਏ, ਬਲਵੰਤ ਸਿੰਘ, ਜਸਵਿੰਦਰ ਸ਼ਾਹਪੁਰ, ਗੁਰਪ੍ਰੀਤ ਸਿੰਘ, ਪਿੰਟੂ ਬਿਸ਼ਨੋਈ, ਵਿਕਰਮ ਸਿੰਘ, ਆਦਿ ਆਗੂ ਮੌਜੂਦ ਸਨ |