ਮੱਲਾਂਵਾਲਾ, 21 ਸਤੰਬਰ (ਗੁਰਦੇਵ ਸਿੰਘ)- ਇਕ ਪਾਸੇ ਜਿੱਥੇ ਹੜ੍ਹਾਂ ਨਾਲ ਫ਼ਸਲਾਂ ਬਰਬਾਦ ਹੋ ਗਈਆਂ ਹਨ ਉੱਥੇ ਹੀ ਦੂਜੇ ਪਾਸੇ ਬਿਜਾਈ ਲਈ ਜ਼ਰੂਰੀ ਖਾਦ ਦੀ ਕਮੀ ਕਿਸਾਨਾਂ ਦੀਆਂ ਚਿੰਤਾਵਾਂ 'ਚ ਵਾਧਾ ਕਰ ਰਹੀਆਂ ਹਨ ਤੇ ਇਸ ਸਮੇਂ ਕਿਸਾਨਾਂ ਨੂੰ ਦੋਵਾਂ ਪਾਸਿਉਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਘੇਰਦਿਆਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਕਿਸਾਨਾਂ ਨੂੰ ਯੂਰੀਆ ਤੇ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ 'ਚ ਸਮਾਜ ਸੇਵੀ ਸੰਗਠਨ ਪੀੜਤ ਕਿਸਾਨਾਂ ਨੂੰ ਯੂਰੀਆ ਅਤੇ ਡੀ.ਏ.ਪੀ. ਖਾਦ ਮੁਹੱਈਆ ਤਾਂ ਕਰਵਾ ਰਹੇ ਹਨ ਪਰ ਸਰਕਾਰ ਵਲੋਂ ਖਾਦ ਦੀ ਪ੍ਰਾਪਤੀ 'ਤੇ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ | ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਹੜ੍ਹ ਕਾਰਨ ਪ੍ਰਭਾਵਿਤ ਕਿਸਾਨਾਂ ਲਈ ਇਹ ਸਮਾਂ ਬਹੁਤ ਸੰਵੇਦਨਸ਼ੀਲ ਹੈ ਕਿਉਂਕਿ ਬਿਜਾਈ ਦਾ ਸਮਾਂ ਹੈ, ਜੇ ਸਮੇਂ 'ਤੇ ਖਾਦ ਉਪਲਬਧ ਨਾ ਹੋਈ ਤਾਂ ਕਿਸਾਨਾਂ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਖੇਤੀਬਾੜੀ ਵਿਭਾਗ ਦੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਸਟਾਕ ਦੀ ਜਾਂਚ ਕਰਕੇ ਯੂਰੀਆ ਤੇ ਡੀ.ਏ.ਪੀ. ਦੀ ਵੰਡ ਪ੍ਰਭਾਵਿਤ ਪਿੰਡਾਂ 'ਚ ਸ਼ੁਰੂ ਕਰਵਾਉਣ | ਸੁਰਿੰਦਰ ਸਿੰਘ ਜੌੜਾ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਆਵਾਜ਼ ਹਰ ਪੱਧਰ 'ਤੇ ਉਠਾਉਣਗੇ ਤੇ ਸਰਕਾਰ ਦੇ ਅਣਗੌਲੇ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ |