ਫਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦਾ ਕੰਮ ਨਿਰੰਤਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ੍ਹ ਦੀਆਂ ਮੰਡੀਆਂ ਵਿਚ 1,95,964 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 1,91,748 ਮੀਟਿ੍ਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਖ਼ਰੀਦੇ ਗਏ ਝੋਨੇ ਵਿਚੋਂ 64708 ਮੀਟਿ੍ਕ ਟਨ ਝੋਨਾ ਪਨਗ੍ਰੇਨ ਨੇ 56397 ਮੀਟਿ੍ਕ ਟਨ ਝੋਨਾ ਮਾਰਕਫੈੱਡ ਨੇ, 49603 ਮੀਟਿ੍ਕ ਟਨ ਝੋਨਾ ਪਨਸਪ, 21020 ਮੀਟਿ੍ਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਤੇ 20 ਮੀਟਿ੍ਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖ਼ਰੀਦਿਆ ਹੈ | ਕਿਸਾਨਾਂ ਨੂੰ ਹੁਣ ਤੱਕ 279 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਤਾਂ ਕਿ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ | ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਜਿਸ ਦੀ ਪਾਲਨਾ ਵੀ ਯਕੀਨੀ ਬਣਾਈ ਜਾਵੇ |