ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਜ਼ਿਲ੍ਹਾ ਸਕੱਤਰ ਕੁਲਜੀਤ ਡੰਗਰ ਖੇੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੁਲਾਈ 2023 ਤੋਂ ਪੈਂਡਿੰਗ ਪੰਜ ਕਿਸ਼ਤਾਂ ਅਨੁਸਾਰ 16% ਡੀ.ਏ. ਜਾਰੀ ਨਾ ਕਰਨ ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ 'ਰੋਸ ਪੱਤਰ' ਸੌਂਪਿਆ ਗਿਆ ਤੇ ਅਧਿਆਪਕਾਂ ਦੇ ਵਿਆਪਕ ਰੋਸ ਦੀ ਜਾਣਕਾਰੀ ਪੰਜਾਬ ਸਰਕਾਰ ਤੱਕ ਪੁੱਜਦੀ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਕੁਲਜੀਤ ਡੰਗਰ ਖੇੜਾ ਅਤੇ ਜ਼ਿਲ੍ਹਾ ਬਲਾਕ ਪ੍ਰਧਾਨ ਨੌਰੰਗ ਲਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਉਪਰ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਹੁੰਦੇ ਐਲਾਨਾਂ ਅਨੁਸਾਰ ਬਣਦੇ 58 ਪ੍ਰਤੀਸ਼ਤ ਡੀ.ਏ. (ਮਹਿੰਗਾਈ ਭੱਤਾ) ਦੀ ਥਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਵਲ 42 ਪ੍ਰਤੀਸ਼ਤ ਡੀ.ਏ. ਹੀ ਮਿਲ ਰਿਹਾ ਹੈ ਤੇ ਡੀ.ਏ. ਦੇ ਬਕਾਏ ਵੀ ਪੈਂਡਿੰਗ ਪਏ ਹਨ | ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਬਾਕੀ ਵਿੱਤੀ ਮੰਗਾਂ ਵੀ ਪੈਂਡਿੰਗ ਪਈਆਂ ਹਨ ਜਿਨ੍ਹਾਂ ਵਿਚ ਪੰਜਾਬ ਦੇ ਮੁਲਾਜ਼ਮਾਂ ਲਈ ਪੇਂਡੂ ਭੱਤਾ ਤੇ ਬਾਰਡਰ ਏਰੀਆ ਭੱਤਾ ਸਮੇਤ ਗੈਰ-ਵਾਜਬ ਰੂਪ ਵਿਚ ਕੱਟੇ ਗਏ 37 ਕਿਸਮ ਦੇ ਭੱਤੇ ਤੇ ਏ.ਸੀ.ਪੀ. ਸਕੀਮ ਬਿਨਾਂ ਕਾਰਨ ਰੋਕੇ ਹੋਏ ਹਨ | ਆਗੂਆਂ ਨੇ ਇਸ ਰੋਸ ਪੱਤਰ ਰਾਹੀਂ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਪੰਜਾਬ ਸਰਕਾਰ ਆਪਣੇ 18-10-2022 ਦੇ ਨੋਟੀਫ਼ਿਕੇਸ਼ਨ ਨੂੰ ਹਕੀਕੀ ਰੂਪ ਵਿਚ ਲਾਗੂ ਕਰੇ | ਇਸ ਮੌਕੇ ਨੋਰੰਗ ਲਾਲ, ਬਲਜਿੰਦਰ ਗਰੇਵਾਲ, ਭਾਰਤ ਭੂਸ਼ਨ, ਜਗਦੀਸ਼ ਸੱਪਾਂ ਵਾਲੀ, ਹਰੀਸ਼ ਕੁਮਾਰ, ਅਮਰ ਲਾਲ, ਕਿ੍ਸ਼ਨ ਕੰਬੋਜ, ਵਰਿੰਦਰ ਕੁੱਕੜ, ਪਰਿਕਸ਼ਿਤ, ਓਮ ਪ੍ਰਕਾਸ਼, ਰਮੇਸ਼ ਸੁਧਾ, ਵਰਿੰਦਰ ਕੁਮਾਰ, ਮਨਦੀਪ ਸਿੰਘ, ਰਵੀ ਕੁਮਾਰ, ਸੁਰਿੰਦਰ ਕੁਮਾਰ, ਸੁਭਾਸ਼ ਕੌੜਿਆਂ ਵਾਲੀ, ਮਹਿੰਦਰ ਸਿੰਘ, ਗਗਨ ਗੰਜੂਆਣਾ, ਪ੍ਰੇਮ ਕੰਬੋਜ ਵੇਦ ਪ੍ਰਕਾਸ਼, ਸੁਭਾਸ਼ ਕੁਮਾਰ, ਜਤਿੰਦਰ ਕੁਮਾਰ, ਦਿਵਾਂਸ਼ੂ, ਰਵੀ ਕੁਮਾਰ, ਮਦਨ ਲਾਲ ਪੰਜਾਬ ਸਟੂਡੈਂਟਸ ਯੂਨੀਅਨ ਤੋਂ ਅਦਿੱਤਿਆ ਫ਼ਾਜ਼ਿਲਕਾ ਤੇ ਦਿਲਕਰਨ ਸਿੰਘ ਹਾਜ਼ਰ ਸਨ |